Home ਹਰਿਆਣਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ – ਮੁੱਖ...

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana CM Nayab Singh Saini Says Sri Guru Nanak Dev Ji’s Teachings Inspire Humanity Across the World

0

ਕਿਹਾ, ਕੁਰੂਕਸ਼ੇਤਰ ਵਿੱਚ ਬਣਾਇਆ ਜਾ ਰਿਹਾ ਹੈ ਸੂਬੇ ਦਾ ਪਹਿਲਾ ਸਿੱਖ ਅਜਾਇਬ ਘਰ, ਲੋਹਗੜ੍ਹ ਵਿਖੇ 244.51 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਅਤੇ ਥੀਮ ਪਾਰਕ

ਚੰਡੀਗੜ੍ਹ, 24 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕੇਵਲ ਕਿਸੇ ਇੱਕ ਧਰਮ, ਸਮਾਜ ਜਾਂ ਸਮੇਂ ਤੱਕ ਸੀਮਤ ਨਹੀਂ ਹਨ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਸਮਾਜ ਨੂੰ ਸੱਚ, ਸੇਵਾ, ਸਮਾਨਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਦੀਆਂ ਕੰਧਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਪਰਮਾਤਮਾ ਦੀ ਸਿਰਜੀ ਇਸ ਦੁਨੀਆ ਵਿੱਚ ਹਰ ਇਨਸਾਨ ਬਰਾਬਰ ਹੈ।

ਮੁੱਖ ਮੰਤਰੀ ਸੋਮਵਾਰ ਦੇਰ ਸ਼ਾਮ ਯਮੁਨਾਨਗਰ ਸਥਿਤ ਕਪਾਲਮੋਚਨ ਦੀ ਪਵਿੱਤਰ ਧਰਤੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਦੂਰ-ਦੁਰਾਡੇ ਤੋਂ ਪਹੁੰਚੀ ਸਾਧ-ਸੰਗਤ ਦਾ ਸਵਾਗਤ ਕਰਦਿਆਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਡਰੋਨ, ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਹਰਿਆਣਾ ਦੀ ਗੌਰਵਸ਼ਾਲੀ ਵਿਰਾਸਤ ਨੂੰ ਅਸਮਾਨ ਵਿੱਚ ਸਾਕਾਰ ਹੁੰਦਾ ਦਿਖਾਇਆ ਗਿਆ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚ, ਸੇਵਾ ਅਤੇ ਸਮਾਨਤਾ ਦਾ ਸੰਦੇਸ਼, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕਪਾਲਮੋਚਨ ਵਿਖੇ 52 ਦਿਨਾਂ ਦਾ ਪ੍ਰਵਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਨੂੰ ਪ੍ਰਦਰਸ਼ਿਤ ਕੀਤਾ ਗਿਆ। ਮੁੱਖ ਮੰਤਰੀ ਨੇ ਧਰਮਸ਼ਾਲਾਵਾਂ ਦੇ ਵਿਕਾਸ ਲਈ ਸ਼੍ਰਾਈਨ ਬੋਰਡ ਨੂੰ 2 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਤੀਰਥਰਾਜ ਕਪਾਲਮੋਚਨ ਸਾਡੀ ਸਾਂਝੀ ਆਸਥਾ ਅਤੇ ਸੱਭਿਆਚਾਰਕ ਵਿਰਾਸਤ ਦਾ ਅਦਭੁੱਤ ਪ੍ਰਤੀਕ ਹੈ। ਮਹਾਭਾਰਤ ਅਤੇ ਪੁਰਾਣਾਂ ਦੀਆਂ ਪਰੰਪਰਾਵਾਂ ਵਿੱਚ ਵੀ ਇਸ ਤੀਰਥ ਦਾ ਜ਼ਿਕਰ ਮਿਲਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਇਸ ਪਵਿੱਤਰ ਸਥਾਨ ‘ਤੇ ਆਪਣੇ ਚਰਨ ਪਾਏ ਸਨ। ਭੰਗਾਣੀ ਦੀ ਜੰਗ ਤੋਂ ਬਾਅਦ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਥੇ 52 ਦਿਨਾਂ ਤੱਕ ਠਹਿਰਨਾ ਇਸ ਧਰਤੀ ਦੇ ਸਿੱਖ ਇਤਿਹਾਸ ਨਾਲ ਡੂੰਘੇ ਸਬੰਧ ਨੂੰ ਦਰਸਾਉਂਦਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਿੱਤਾ ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਇੱਕ ਓਅੰਕਾਰ’ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖ ਜਾਤੀ ਨੂੰ ਇੱਕ ਪਰਿਵਾਰ ਵਜੋਂ ਦੇਖਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿੱਚ ਇਹ ਸਰਬਵਿਆਪੀ ਭਾਵਨਾ ਬਹੁਤ ਹੀ ਸੁੰਦਰ ਢੰਗ ਨਾਲ ਪ੍ਰਗਟ ਹੁੰਦੀ ਹੈ- ‘ਅਵਲ ਅੱਲਾਹ ਨੂਰ ਉਪਾਇਆ, ਕੁਦਰਤ ਕੇ ਸਭ ਬੰਦੇ। ਏਕ ਨੂਰ ਤੇ ਸਭ ਜਗ ਉਪਜਿਆ, ਕਉਨ ਭਲੇ ਕਉਨ ਮੰਦੇ।’ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖੀ ਜੀਵਨ ਨੂੰ ਸੇਧ ਦੇਣ ਵਾਲੇ ਤਿੰਨ ਸਰਲ ਸਿਧਾਂਤ ਦਿੱਤੇ- ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ। ਇਹ ਸਿਧਾਂਤ ਸਾਨੂੰ ਅਧਿਆਤਮਿਕ ਸ਼ਾਂਤੀ ਦੇ ਨਾਲ-ਨਾਲ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਰਾਹ ਵੀ ਦਿਖਾਉਂਦੇ ਹਨ। ਜੇਕਰ ਅਸੀਂ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਘਰ, ਕੰਮਕਾਜ ਵਾਲੀ ਥਾਂ ਅਤੇ ਸਮਾਜ ਵਿੱਚ ਅਪਣਾਈਏ ਤਾਂ ਕਈ ਸਮਾਜਿਕ ਸਮੱਸਿਆਵਾਂ ਦਾ ਹੱਲ ਆਪਣੇ ਆਪ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤਾਂ ਦੇ ਸਨਮਾਨ ਅਤੇ ਸਮਾਨਤਾ ਦਾ ਵੀ ਸੰਦੇਸ਼ ਦਿੱਤਾ। ਉਨ੍ਹਾਂ ਨੇ ਨਾਰੀ ਦੇ ਸਨਮਾਨ ਅਤੇ ਸਮਾਜ ਵਿੱਚ ਉਸ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿੱਖ ਗੁਰੂ ਸਾਹਿਬਾਨ ਦੀ ਯਾਦ ਨੂੰ ਮਿਲਿਆ ਰਾਸ਼ਟਰੀ ਸਨਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸਿੱਖ ਗੁਰੂ ਸਾਹਿਬਾਨ ਦੀ ਯਾਦ ਅਤੇ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਦੇਸ਼ ਭਰ ਵਿੱਚ ਸਨਮਾਨ ਦੇਣ ਲਈ ਕਈ ਕੰਮ ਕੀਤੇ ਹਨ। ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਵਿਕਾਸ ਕੀਤਾ ਗਿਆ, ਜਿਸ ਲਈ 120 ਕਰੋੜ ਰੁਪਏ ਅਲਾਟ ਕੀਤੇ ਗਏ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਵਿੱਚ ਜਾਮਨਗਰ ਵਿਖੇ 750 ਬਿਸਤਰਿਆਂ ਵਾਲੇ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਨਾਂਦੇੜ ਸਾਹਿਬ ਤੱਕ ਸ਼ਰਧਾਲੂਆਂ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਵਰ੍ਹਾ ਦੇਸ਼ ਭਰ ਵਿੱਚ ਮਨਾਉਣ ਦਾ ਫੈਸਲਾ ਕੀਤਾ। ਇਸੇ ਲੜੀ ਵਿੱਚ 24 ਅਪ੍ਰੈਲ, 2022 ਨੂੰ ਪਾਣੀਪਤ ਦੀ ਇਤਿਹਾਸਕ ਧਰਤੀ ‘ਤੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਵਰ੍ਹੇ ਦੇ ਮੌਕੇ ‘ਤੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ।

ਹਰਿਆਣਾ ਵਿੱਚ ਸਿੱਖ ਗੁਰੂ ਸਾਹਿਬਾਨ ਦੀ ਯਾਦ ਵਿੱਚ ਕੀਤੇ ਜਾ ਰਹੇ ਹਨ ਕਈ ਕੰਮ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਪਵਿੱਤਰ ਧਰਤੀ ਦਾ ਸਿੱਖ ਗੁਰੂ ਸਾਹਿਬਾਨ ਨਾਲ ਡੂੰਘਾ ਸਬੰਧ ਰਿਹਾ ਹੈ। ਅੰਬਾਲਾ ਜ਼ਿਲ੍ਹੇ ਦਾ ਲਖਨੌਰ ਸਾਹਿਬ ਅਕਾਲ ਪੁਰਖ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਨਾਨਕਾ ਘਰ ਸੀ ਅਤੇ ਉਨ੍ਹਾਂ ਦਾ ਬਚਪਨ ਉੱਥੇ ਬੀਤਿਆ। ਧਰਮਖੇਤਰ-ਕੁਰੂਕਸ਼ੇਤਰ ਵਿੱਚ ਵੀ ਸਮੇਂ-ਸਮੇਂ ‘ਤੇ ਅੱਠ ਗੁਰੂ ਸਾਹਿਬਾਨ ਦਾ ਆਗਮਨ ਹੋਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖ ਗੁਰੂ ਸਾਹਿਬਾਨ ਦੀਆਂ ਯਾਦਾਂ ਨੂੰ ਸਦੀਵੀ ਬਣਾਉਣ ਲਈ ਕਈ ਠੋਸ ਕਦਮ ਚੁੱਕੇ ਹਨ। ਨਵੰਬਰ 2025 ਵਿੱਚ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ 25 ਨਵੰਬਰ, 2025 ਨੂੰ ਜੋਤੀਸਰ, ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ। ਇਸ ਮੌਕੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਿੱਕੇ ਅਤੇ ਡਾਕ ਟਿਕਟ ਦੇ ਨਾਲ-ਨਾਲ ਹਰਿਆਣਾ ਸਰਕਾਰ ਵੱਲੋਂ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ ਵੀ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਜ਼ਿਲ੍ਹੇ ਦੇ ਕਲੇਸਰ ਵਿੱਚ 18 ਨਵੰਬਰ, 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਵਨ (ਜੰਗਲ) ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ। ਉੱਥੇ ਗੁਰੂ ਤੇਗ ਬਹਾਦਰ ਦਰਵਾਜ਼ਾ ਵੀ ਬਣਾਇਆ ਗਿਆ ਹੈ। ਯਮੁਨਾਨਗਰ ਦੇ ਕਿਸ਼ਨਪੁਰਾ ਵਿੱਚ ਗੁਰੂ ਤੇਗ ਬਹਾਦਰ ਖੇਤੀਬਾੜੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਯਮੁਨਾਨਗਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਮ ਵੀ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 1984 ਦੇ ਦੰਗਿਆਂ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ 121 ਸਿੱਖ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। 24 ਦਸੰਬਰ, 2025 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਚਕੂਲਾ ਵਿਖੇ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਦਸੰਬਰ 2022 ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਗਈ, ਜਿਸ ਨਾਲ ਸਿੱਖ ਸਮਾਜ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਈ ਅਤੇ ਸੂਬੇ ਵਿੱਚ ਸਿੱਖ ਭਾਈਚਾਰੇ ਨੂੰ ਖੁਦਮੁਖਤਿਆਰੀ ਮਿਲੀ।

ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰ ਨੇ ਚੁੱਕੇ ਕਦਮ

ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ‘ਸਵਰਨ ਜਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ’ ਸ਼ੁਰੂ ਕੀਤੀ ਗਈ, ਤਾਂ ਜੋ ਸ੍ਰੀ ਹਜ਼ੂਰ ਸਾਹਿਬ, ਸ੍ਰੀ ਨਨਕਾਣਾ ਸਾਹਿਬ, ਸ੍ਰੀ ਹੇਮਕੁੰਟ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ‘ਪ੍ਰਸਾਦ ਯੋਜਨਾ’ ਤਹਿਤ 27 ਨਵੰਬਰ, 2023 ਨੂੰ ਨਾਡਾ ਸਾਹਿਬ ਗੁਰਦੁਆਰਾ, ਪੰਚਕੂਲਾ ਵਿਖੇ 13.55 ਕਰੋੜ ਰੁਪਏ ਦੀ ਲਾਗਤ ਨਾਲ ਬਹੁਮੰਜ਼ਿਲਾ ਪਾਰਕਿੰਗ ਬਣਾਈ ਗਈ, ਜਿਸ ਵਿੱਚ 300 ਵਾਹਨ ਪਾਰਕ ਕੀਤੇ ਜਾ ਸਕਦੇ ਹਨ। ਸਿਰਸਾ ਸਥਿਤ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਨੂੰ 27 ਜੂਨ, 2024 ਨੂੰ 70 ਕਨਾਲ ਜ਼ਮੀਨ ਮੁਫ਼ਤ ਤਬਦੀਲ ਕਰਨ ਦਾ ਫੈਸਲਾ ਵੀ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸੰਕਲਪ ਹੈ ਕਿ ਕੋਈ ਵੀ ਸ਼ਰਧਾਲੂ ਪੈਸੇ ਦੀ ਘਾਟ ਕਾਰਨ ਤੀਰਥ ਯਾਤਰਾ ਤੋਂ ਵਾਂਝਾ ਨਾ ਰਹੇ। ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਦੋ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ। ਪਹਿਲੀ ਰੇਲ ਗੱਡੀ 5 ਮਈ, 2026 ਨੂੰ ਕੁਰੂਕਸ਼ੇਤਰ ਤੋਂ ਅਤੇ ਦੂਜੀ ਰੇਲ ਗੱਡੀ 15 ਮਈ ਨੂੰ ਸਿਰਸਾ ਤੋਂ ਰਵਾਨਾ ਹੋਈ।

ਲੋਹਗੜ੍ਹ ਵਿਖੇ 244.51 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਅਤੇ ਥੀਮ ਪਾਰਕ

ਮੁੱਖ ਮੰਤਰੀ ਨੇ ਕਿਹਾ ਕਿ ਕਪਾਲਮੋਚਨ ਤੋਂ ਕੁਝ ਦੂਰੀ ‘ਤੇ ਸਥਿਤ ਲੋਹਗੜ੍ਹ ਦਾ ਵੀ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਇਸ ਨੂੰ ਸਿੱਖ ਰਾਜ ਦੀ ਰਾਜਧਾਨੀ ਬਣਾਇਆ ਸੀ। ਲੋਹਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ‘ਤੇ ਇੱਕ ਟਰੱਸਟ ਬਣਾਇਆ ਗਿਆ ਹੈ, ਜੋ ਇੱਥੋਂ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦਾ ਕੰਮ ਕਰ ਰਿਹਾ ਹੈ। ਇੱਥੇ 244.51 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਅਤੇ ਥੀਮ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੇ ਉਮਰੀ ਵਿਖੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੇ ਨੇੜੇ ਸਿੱਖ ਅਜਾਇਬ ਘਰ ਬਣਾਇਆ ਜਾ ਰਿਹਾ ਹੈ। ਇਹ ਸੂਬੇ ਦਾ ਪਹਿਲਾ ਅਜਿਹਾ ਅਜਾਇਬ ਘਰ ਹੋਵੇਗਾ, ਜਿਸ ਵਿੱਚ ਸਿੱਖ ਇਤਿਹਾਸ, ਸੱਭਿਆਚਾਰ ਅਤੇ ਗੁਰੂ ਸਾਹਿਬਾਨ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨੇ ਮੇਲਾ ਸ੍ਰੀ ਕਪਾਲਮੋਚਨ-ਆਦਿਬਦਰੀ ਕੰਪਲੈਕਸ ਵਿੱਚ ਸਥਿਤ 32 ਧਰਮਸ਼ਾਲਾਵਾਂ ਦੇ ਵਿਕਾਸ ਕਾਰਜਾਂ ਲਈ ਸ਼੍ਰਾਈਨ ਬੋਰਡ ਨੂੰ 2 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਵਿਧਾਇਕ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪੂਰਾ ਕਰਵਾਉਣ ਦਾ ਭਰੋਸਾ ਵੀ ਦਿੱਤਾ। ਸਢੌਰਾ ਦੇ ਸਾਬਕਾ ਵਿਧਾਇਕ ਬਲਵੰਤ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਸਾਬਕਾ ਕੈਬਨਿਟ ਮੰਤਰੀ ਕੰਵਰਪਾਲ, ਸਢੌਰਾ ਦੀ ਵਿਧਾਇਕਾ ਰੇਣੂ ਬਾਲਾ, ਰਤੀਆ ਦੇ ਵਿਧਾਇਕ ਸਰਦਾਰ ਜਰਨੈਲ ਸਿੰਘ, ਸਾਬਕਾ ਵਿਧਾਇਕ ਬਲਵੰਤ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਮੇਸ਼ ਠਸਕਾ, ਪਿੰਡ ਮਾਣੂਕੇ ਗਿੱਲ, ਮੋਗਾ ਦੇ ਬਾਬਾ ਗੋਬਿੰਦ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਅਧਿਕਾਰੀ ਭੋਪਾਲ ਸਿੰਘ ਖਦਰੀ, ਬੰਜਾਰਾ, ਘੁਮੰਤੂ ਅਤੇ ਵਿਮੁਕਤ ਜਾਤੀ ਬੋਰਡ ਦੇ ਚੇਅਰਮੈਨ ਸਰਦਾਰ ਜਸਮੇਰ ਸਿੰਘ ਸਮੇਤ ਭਾਜਪਾ ਦੇ ਆਗੂ, ਪ੍ਰਸ਼ਾਸਨਿਕ ਅਧਿਕਾਰੀ ਅਤੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੌਜੁਦ ਸਨ।

Exit mobile version