21 ਨਵੰਬਰ ਤਕ ਈ-ਕੇ.ਵਾਈ.ਸੀ., ਮੋਬਾਈਲ ਨੰਬਰ ਅਪਡੇਟ ਕਰਨ ਅਤੇ ਜੀਵਨ ਪ੍ਰਮਾਣ ਪੱਤਰ ਆਨਲਾਈਨ ਜਮ੍ਹਾਂ ਕਰਵਾਉਣ ਦੀ ਸਹੂਲਤ
ਸੰਗਰੂਰ, 19 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸੰਗਰੂਰ ਵਿਖੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਤਿੰਨ ਰੋਜ਼ਾ ‘ਪੈਨਸ਼ਨਰ ਸੇਵਾ ਮੇਲਾ’ ਅੱਜ ਸ਼ੁਰੂ ਹੋ ਗਿਆ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਲਵਿੰਦਰ ਕੌਰ ਸੋਹੀ ਦੀ ਦੇਖ-ਰੇਖ ਹੇਠ ਲਗਾਇਆ ਗਿਆ ਇਹ ਮੇਲਾ 21 ਨਵੰਬਰ ਤੱਕ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਪਹਿਲੇ ਦਿਨ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਮੇਲੇ ਵਿੱਚ ਪਹੁੰਚ ਕੇ ਸੇਵਾਵਾਂ ਦਾ ਲਾਭ ਲਿਆ।
ਮੇਲੇ ਦਾ ਉਦਘਾਟਨ ਕਰਦਿਆਂ ਐੱਸ.ਡੀ.ਐੱਮ. ਬਾਦਲ ਦੀਨ ਨੇ ਪੈਨਸ਼ਨਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ, “ਪੈਨਸ਼ਨਰਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਰਕਾਰੀ ਸੇਵਾ ਨੂੰ ਦਿੱਤਾ ਹੈ। ਹੁਣ ਉਨ੍ਹਾਂ ਨੂੰ ਆਪਣੀਆਂ ਪੈਨਸ਼ਨ ਸਬੰਧੀ ਜ਼ਰੂਰਤਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਹ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਮੇਲੇ ਵਿੱਚ ਆਉਣ ਵਾਲੇ ਹਰ ਪੈਨਸ਼ਨਰ ਦਾ ਕੰਮ ਧਿਆਨ ਨਾਲ ਸੁਣਿਆ ਜਾਵੇ ਅਤੇ ਸੰਭਵ ਹੋਵੇ ਤਾਂ ਮੌਕੇ ’ਤੇ ਹੀ ਮੁਕੰਮਲ ਕੀਤਾ ਜਾਵੇ।” ਐੱਸ.ਡੀ.ਐੱਮ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਨਿਪਟਾਏ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਬਜ਼ੁਰਗ ਜਾਂ ਬਿਮਾਰ ਪੈਨਸ਼ਨਰ ਮੇਲੇ ਵਿੱਚ ਪਹੁੰਚਣ ਤੋਂ ਅਸਮਰੱਥ ਹਨ, ਉਨ੍ਹਾਂ ਦੀ ਈ-ਕੇ.ਵਾਈ.ਸੀ. ਘਰ ਜਾ ਕੇ ਮੁਕੰਮਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮੁਸ਼ਕਲ ਦੀ ਸੂਰਤ ਵਿੱਚ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਲਵਿੰਦਰ ਕੌਰ ਸੋਹੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਸੇਵਾ ਤੋਂ ਸੇਵਾਮੁਕਤ ਹੋਏ ਕਰੀਬ 15 ਹਜ਼ਾਰ ਪੈਨਸ਼ਨਰ ਅਤੇ ਫੈਮਿਲੀ ਪੈਨਸ਼ਨਰ ਹਨ। ਉਨ੍ਹਾਂ ਲਈ ਪੈਨਸ਼ਨ ਸੇਵਾਵਾਂ ਸੁਚਾਰੂ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ‘ਪੈਨਸ਼ਨਰ ਸੇਵਾ ਪੋਰਟਲ’ ਚਲਾਇਆ ਜਾ ਰਿਹਾ ਹੈ। ਪੋਰਟਲ ਰਾਹੀਂ ਸੇਵਾਵਾਂ ਦਾ ਪੂਰਾ ਲਾਭ ਲੈਣ ਲਈ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਮੁਕੰਮਲ ਹੋਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਈ-ਕੇ.ਵਾਈ.ਸੀ., ਪੈਨਸ਼ਨਰ ਸੇਵਾ ਪੋਰਟਲ ’ਤੇ ਰਜਿਸਟ੍ਰੇਸ਼ਨ, ਮੋਬਾਈਲ ਨੰਬਰ ਅਪਡੇਟ ਕਰਨ ਅਤੇ ਸਾਲਾਨਾ ਜੀਵਨ ਪ੍ਰਮਾਣ ਪੱਤਰ ਆਨਲਾਈਨ ਜਮ੍ਹਾਂ ਕਰਵਾਉਣ ਲਈ ਵੱਖ-ਵੱਖ ਕਾਊਂਟਰ ਸਥਾਪਤ ਕੀਤੇ ਗਏ ਹਨ। ਤਾਇਨਾਤ ਸਟਾਫ਼ ਪੈਨਸ਼ਨਰਾਂ ਨੂੰ ਮੌਕੇ ’ਤੇ ਹੀ ਪ੍ਰਕਿਰਿਆ ਮੁਕੰਮਲ ਕਰਨ ਵਿੱਚ ਸਹਾਇਤਾ ਦੇ ਰਿਹਾ ਹੈ।
ਬਲਵਿੰਦਰ ਕੌਰ ਸੋਹੀ ਨੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਵਿੱਚ ਆਉਂਦੇ ਸਮੇਂ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸਬੁੱਕ ਅਤੇ ਉਹ ਮੋਬਾਈਲ ਫ਼ੋਨ ਜਿਸ ’ਤੇ ਆਧਾਰ ਨਾਲ ਸਬੰਧਤ ਓ.ਟੀ.ਪੀ. ਪ੍ਰਾਪਤ ਹੁੰਦਾ ਹੈ, ਆਪਣੇ ਨਾਲ ਲੈ ਕੇ ਆਉਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ 21 ਨਵੰਬਰ ਤਕ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।
ਮੇਲੇ ਵਿੱਚ ਪਹੁੰਚੇ ਪੈਨਸ਼ਨਰਾਂ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਇੱਕੋ ਥਾਂ ’ਤੇ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪੈਨਸ਼ਨਰ ਸੇਵਾ ਪੋਰਟਲ pensionersewa.punjab.gov.in ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 1800-180-2148 ਅਤੇ 0172-2996385/86 ’ਤੇ ਸੰਪਰਕ ਕੀਤਾ ਜਾ ਸਕਦਾ ਹੈ।