ਪੰਜਾਬ, 9 ਜੁਲਾਈ (ਜਗਦੇਵ ਸਿੰਘ ਜੱਗੀ): ਬਿਹਤਰ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਵਿਦੇਸ਼ ਗਈ ਇੱਕ ਪੰਜਾਬੀ ਨੌਜਵਾਨ ਲੜਕੀ ਦੀ ਅਰਮੀਨੀਆ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਲੌਹਕਾ ਦੀ ਰਹਿਣ ਵਾਲੀ ਨਗੀਤਾ ਕਰੀਬ ਇੱਕ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਅਰਮੀਨੀਆ ਗਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਗੀਤਾ ਨੇ ਬੀ.ਏ. ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਘਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਵਿਦੇਸ਼ ਜਾਣ ਦਾ ਫ਼ੈਸਲਾ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਲਈ ਪਰਿਵਾਰ ਵੱਲੋਂ ਲਗਭਗ ਸਾਢੇ ਚਾਰ ਲੱਖ ਰੁਪਏ ਖ਼ਰਚ ਕੀਤੇ ਗਏ ਸਨ। ਕੁਝ ਦਿਨ ਪਹਿਲਾਂ ਨਗੀਤਾ ਦੀ ਸਿਹਤ ਅਚਾਨਕ ਖਰਾਬ ਹੋ ਗਈ, ਜਿਸ ਕਾਰਨ ਉਸ ਨੂੰ ਅਰਮੀਨੀਆ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ।
ਨਗੀਤਾ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਵਾਸੀਆਂ ਨੇ ਵੀ ਇਸ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਪਰਿਵਾਰ ਹੁਣ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਉਸ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਲਿਆਉਣ ਲਈ ਮਦਦ ਦੀ ਉਮੀਦ ਕਰ ਰਿਹਾ ਹੈ।
