ਜਾਖਲ ਮੰਡੀ, 25 ਅਕਤੂਬਰ, 2026 (ਸੰਜੀਵ ਸ਼ਰਮਾ): ਡੀਏਵੀ ਪਬਲਿਕ ਸਕੂਲ ਜਾਖਲ ਮੰਡੀ ਵਿਖੇ ਅੱਜ ਮਹਾਤਮਾ ਆਨੰਦ ਸਵਾਮੀ ਜੀ ਦੇ ਯਾਦਗਾਰੀ ਦਿਵਸ ਮੌਕੇ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਹਾਤਮਾ ਆਨੰਦ ਸਵਾਮੀ ਜੀ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕੀਤਾ। ਪ੍ਰੋਗਰਾਮ ਦੌਰਾਨ ਮਹਾਤਮਾ ਆਨੰਦ ਸਵਾਮੀ ਜੀ ਦੇ ਵਿਚਾਰਾਂ ਅਤੇ ਕਾਰਜਾਂ ਤੋਂ ਪ੍ਰੇਰਨਾ ਲੈਂਦਿਆਂ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ ਗਿਆ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ, ਸੱਚਾਈ, ਅਨੁਸ਼ਾਸਨ, ਸੇਵਾ ਅਤੇ ਪਰਉਪਕਾਰ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਹਾਤਮਾ ਆਨੰਦ ਸਵਾਮੀ ਜੀ ਦੇ ਜੀਵਨ ਅਤੇ ਵਿਚਾਰਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਨੇ ਗਾਇਤਰੀ ਮੰਤਰ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਵਿੱਚ ਸਮਾਏ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗਾਇਤਰੀ ਮੰਤਰ ਸਾਨੂੰ ਸਦਬੁੱਧੀ, ਸਕਾਰਾਤਮਕ ਸੋਚ ਅਤੇ ਨੇਕ ਕਰਮਾਂ ਵੱਲ ਪ੍ਰੇਰਿਤ ਕਰਦਾ ਹੈ। ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਚੰਗੇ ਸੰਸਕਾਰਾਂ, ਅਨੁਸ਼ਾਸਨ, ਸੱਚਾਈ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾ ਕੇ ਆਪਣੇ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਅਤੇ ਆਪਣੇ ਪਰਿਵਾਰ, ਸਕੂਲ ਤੇ ਸਮਾਜ ਦਾ ਨਾਮ ਰੌਸ਼ਨ ਕਰਨ। ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਕਿਹਾ ਕਿ ਮਹਾਂਪੁਰਸ਼ਾਂ ਦਾ ਜੀਵਨ ਸਾਨੂੰ ਹਮੇਸ਼ਾ ਸਹੀ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੇ ਵਿਚਾਰਾਂ ਨੂੰ ਸਿਰਫ਼ ਯਾਦ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਆਪਣੇ ਵਿਹਾਰ ਅਤੇ ਆਚਰਨ ਵਿੱਚ ਢਾਲਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ।






