ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਪਰਾਲੀ ਪ੍ਰਬੰਧਨ ਤੇ ਫ਼ਸਲੀ ਵਿਭਿੰਨਤਾ ਸਬੰਧੀ ਦਿੱਤੀ ਨਵੀਨਤਮ ਤਕਨੀਕੀ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 20 ਸਤੰਬਰ, 2026 ( ਗੁਰਮੀਤ ਸਿੰਗ ਤੁੰਗ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਧੀਨ ਚੱਲ ਰਹੀ ਆਤਮਾ ਸਕੀਮ ਤਹਿਤ ਕੇ.ਵੀ.ਕੇ. ਫ਼ਤਹਿਗੜ੍ਹ ਸਾਹਿਬ ਵਿਖੇ ਦੋ ਰੋਜ਼ਾ ‘ਫਾਰਮਰ-ਸਾਇੰਟਿਸਟ ਇੰਟਰਐਕਸ਼ਨ’ ਕਰਵਾਇਆ ਗਿਆ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ, ਖਾਦਾਂ ਦੀ ਸੰਤੁਲਿਤ ਵਰਤੋਂ, ਪਰਾਲੀ ਪ੍ਰਬੰਧਨ, ਫ਼ਸਲੀ ਵਿਭਿੰਨਤਾ ਅਤੇ ਖੇਤੀਬਾੜੀ ਤੇ ਸਹਾਇਕ ਵਿਭਾਗਾਂ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਸਾਂਝੇ ਤੌਰ ’ਤੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਅਜੇ ਕੁਮਾਰ, ਕੇ.ਵੀ.ਕੇ. ਵੱਲੋਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਸੰਜੀਵ ਕੋਹਲੀ ਨੇ ਪਸ਼ੂ ਪਾਲਣ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਹਰਮਨਜੀਤ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ, ਆਤਮਾ ਨੇ ਕਿਸਾਨਾਂ ਨੂੰ ਆਤਮਾ ਸਕੀਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਤੇਲਬੀਜ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਜਤਿੰਦਰ ਸਿੰਘ, ਡਾ. ਬਾਲ ਕ੍ਰਿਸ਼ਨ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਡਾ. ਸੁਖਵਿੰਦਰ ਕੌਰ, ਮੱਛੀ ਪਾਲਣ ਵਿਭਾਗ, ਡਾ. ਅਰਵਿੰਦਰਪ੍ਰੀਤ ਕੌਰ, ਡਾ. ਮਨੀਸ਼ਾ ਭਾਟੀਆ, ਕੇ.ਵੀ.ਕੇ. ਅਤੇ ਸ੍ਰੀ ਅਜੇ ਕੁਮਾਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
