ਮੰਗਾਂ ਦੇ ਹੱਕ ਵਿੱਚ 21 ਅਤੇ 22 ਅਕਤੂਬਰ ਨੂੰ ਮੁਲਾਜ਼ਮ ਰਹਿਣਗੇ ਹੜਤਾਲ ’ਤੇ, ਬਿਜਲੀ ਨਿਗਮ ਸਮੇਤ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ
ਚੰਡੀਗੜ੍ਹ, 21 ਅਕਤੂਬਰ (ਗੁਰਮੀਤ ਸਿੰਘ ਤੁੰਗ): ਪੰਜਾਬ ਵਿੱਚ ਆਪਣੀਆਂ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਸਰਕਾਰੀ ਮੁਲਾਜ਼ਮਾਂ ਵੱਲੋਂ ਅੱਜ 21 ਅਕਤੂਬਰ ਤੋਂ ਦੋ ਰੋਜ਼ਾ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਇਹ ਹੜਤਾਲ 22 ਅਕਤੂਬਰ ਤੱਕ ਜਾਰੀ ਰਹੇਗੀ। ਮੁਲਾਜ਼ਮਾਂ ਦੇ ਇਸ ਫ਼ੈਸਲੇ ਕਾਰਨ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਹੜਤਾਲ ਦਾ ਅਸਰ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਮੇਤ ਹੋਰ ਵਿਭਾਗਾਂ ਦੇ ਕੰਮਕਾਜ ’ਤੇ ਵੀ ਪੈ ਸਕਦਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਦੋ ਦਿਨ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਹੈ। ਖ਼ਾਸ ਗੱਲ ਇਹ ਹੈ ਕਿ 22 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਸਰਕਾਰੀ ਕੰਮਕਾਜ ਦੇ ਨਾਲ-ਨਾਲ ਸੂਬਾ ਸਰਕਾਰ ਦਾ ਧਿਆਨ ਵੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੇਂਦਰਿਤ ਹੋਣ ਦੀ ਸੰਭਾਵਨਾ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਮੰਗਾਂ ਨੂੰ ਲੈ ਕੇ ਕੋਈ ਸਹਿਮਤੀ ਬਣਦੀ ਹੈ ਜਾਂ ਹੜਤਾਲ ਕਾਰਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਲਈ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
