ਪਟਿਆਲਾ: 12 ਅਗਸਤ 2026 (ਬਲਜੀਤ ਸਰਨਾ): ਡੀਸੀਡਬਲਿਊ ਪੁਲ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਮੁਤਾਬਕ ਨਾਕਾਬੰਦੀ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਹਥਿਆਰਾਂ ਸਮੇਤ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ ਅਤੇ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਪੁਲਿਸ ਨੇ ਤਿੰਨ .315 ਬੋਰ ਦੇ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਸ਼ਮੀ ਕੁਮਾਰ ਅਤੇ ਜਸਪ੍ਰੀਤ ਉਰਫ਼ ਜੱਸੂ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਸ਼ਮੀ ਕੁਮਾਰ ਪਹਿਲਾਂ ਸਨੌਰ ਇਲਾਕੇ ਵਿੱਚ ਰਹਿੰਦਾ ਸੀ ਅਤੇ ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਰੀਬ ਅੱਠ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਕਤਲ ਦੀ ਧਾਰਾ 302 ਤਹਿਤ ਦਰਜ ਮਾਮਲਾ ਵੀ ਸ਼ਾਮਲ ਦੱਸਿਆ ਗਿਆ ਹੈ। ਦੂਜੇ ਮੁਲਜ਼ਮ ਜਸਪ੍ਰੀਤ ਉਰਫ਼ ਜੱਸੂ ਨੂੰ ਸ਼ਮੀ ਕੁਮਾਰ ਦਾ ਰਿਸ਼ਤੇਦਾਰ ਅਤੇ ਭਤੀਜਾ ਦੱਸਿਆ ਜਾ ਰਿਹਾ ਹੈ। ਉਸ ਖ਼ਿਲਾਫ਼ ਵੀ ਪਹਿਲਾਂ ਮਾਮਲਾ ਦਰਜ ਹੋਣ ਦੀ ਜਾਣਕਾਰੀ ਪੁਲਿਸ ਨੇ ਦਿੱਤੀ ਹੈ।
ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁੱਛਗਿੱਛ ਦੌਰਾਨ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਬਰਾਮਦ ਹਥਿਆਰ ਕਿੱਥੋਂ ਲਿਆਂਦੇ ਗਏ ਸਨ, ਇਨ੍ਹਾਂ ਦੀ ਵਰਤੋਂ ਕਿਸ ਵਾਰਦਾਤ ਲਈ ਕੀਤੀ ਜਾਣੀ ਸੀ ਅਤੇ ਇਸ ਮਾਮਲੇ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਪੁਲਿਸ ਨੂੰ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।






