Home ਸੰਸਾਰ ਕੈਨੇਡਾ ’ਚ ਨਹਿਰ ਵਿੱਚ ਡੁੱਬਣ ਕਾਰਨ ਪੰਜਾਬ ਦੇ 2 ਗੱਭਰੂਆਂ ਦੀ ਮੌਤ

ਕੈਨੇਡਾ ’ਚ ਨਹਿਰ ਵਿੱਚ ਡੁੱਬਣ ਕਾਰਨ ਪੰਜਾਬ ਦੇ 2 ਗੱਭਰੂਆਂ ਦੀ ਮੌਤ

0

ਕੈਨੇਡਾ, 7 ਜੁਲਾਈ (ਅਮਨਦੀਪ ਸਰਾਂ): ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਂਟਰੀਅਲ ਦੀ ‘ਲਾਚੀਨ ਨਹਿਰ’ (Lachine Canal) ਵਿੱਚ ਡੁੱਬਣ ਕਾਰਨ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਲਵਪ੍ਰੀਤ ਸਿੰਘ (26) ਵਜੋਂ ਹੋਈ ਹੈ, ਜੋ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਆਪਣੇ ਉਸ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਜੋ ਅਚਾਨਕ ਨਹਿਰ ਵਿੱਚ ਫਿਸਲ ਗਿਆ ਸੀ।

ਦੂਜੇ ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਰੰਗਪੁਰ ਨੇੜਲੇ ਪਿੰਡ ਬੁਤਾਲਾ ਦੇ ਨਿਵਾਸੀ ਵਜੋਂ ਹੋਈ ਹੈ। ਕੈਨੇਡੀਅਨ ਪ੍ਰਸ਼ਾਸਨ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਿਹਾ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਲਵਪ੍ਰੀਤ ਸਿੰਘ ਪਿਛਲੇ ਢਾਈ ਸਾਲਾਂ ਤੋਂ ਵਰਕ ਪਰਮਿਟ ‘ਤੇ ਮਾਂਟਰੀਅਲ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ 12ਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਰੁਜ਼ਗਾਰ ਦੇ ਚੰਗੇ ਮੌਕਿਆਂ ਦੀ ਭਾਲ ਵਿੱਚ ਕੈਨੇਡਾ ਗਿਆ ਸੀ।

ਪਰਿਵਾਰ ਨੇ ਦੱਸਿਆ ਕਿ ਲਵਪ੍ਰੀਤ ਦੇ ਪਿਤਾ ਬਲਵੀਰ ਸਿੰਘ, ਜੋ ਕਿ ਸੀ.ਆਰ.ਪੀ.ਐਫ. (CRPF) ਦੇ ਸੇਵਾਮੁਕਤ ਮੁਲਾਜ਼ਮ ਹਨ, ਨੇ ਆਪਣੇ ਪੁੱਤ ਨੂੰ ਵਿਦੇਸ਼ ਭੇਜਣ ਲਈ ਆਪਣੀ ਲਗਭਗ ਦੋ ਏਕੜ ਜ਼ਮੀਨ ਵੇਚ ਦਿੱਤੀ ਸੀ।

ਇਹ ਹਾਦਸਾ ਉਦੋਂ ਵਾਪਰਿਆ ਜਦੋਂ ਲਵਪ੍ਰੀਤ ਦਾ ਦੋਸਤ ਅਚਾਨਕ ਨਹਿਰ ਵਿੱਚ ਫਿਸਲ ਗਿਆ। ਆਪਣੇ ਦੋਸਤ ਨੂੰ ਮੁਸੀਬਤ ਵਿੱਚ ਦੇਖ ਕੇ ਲਵਪ੍ਰੀਤ ਨੇ ਉਸ ਨੂੰ ਬਚਾਉਣ ਲਈ ਪਾਣੀ ਵਿੱਚ ਛਾਲ ਮਾਰ ਦਿੱਤੀ। ਹਾਲਾਂਕਿ, ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਦੋਵੇਂ ਨੌਜਵਾਨ ਰੁੜ੍ਹ ਗਏ ਅਤੇ ਡੁੱਬਣ ਨਾਲ ਉਨ੍ਹਾਂ ਦੀ ਮੌਤ ਹੋ ਗਈ।

ਕੈਨੇਡਾ ਦੀਆਂ ਐਮਰਜੈਂਸੀ ਸੇਵਾਵਾਂ ਨੇ ਕਈ ਘੰਟਿਆਂ ਤੱਕ ਬਚਾਅ ਅਭਿਆਨ ਚਲਾਇਆ। ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਨਹਿਰ ਵਿੱਚੋਂ ਕੱਢ ਕੇ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਖ਼ਬਰ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੇ ਪਿੱਛੇ ਪਿਤਾ, ਮਾਤਾ ਵੀਰਪਾਲ ਕੌਰ ਅਤੇ ਭੈਣ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਹਾਦਸੇ ਤੋਂ ਮਹਿਜ਼ ਦਸ ਦਿਨ ਪਹਿਲਾਂ ਹੀ ਲਵਪ੍ਰੀਤ ਨੇ ਉਨ੍ਹਾਂ ਨਾਲ ਫੋਨ ‘ਤੇ ਗੱਲ ਕੀਤੀ ਸੀ।

ਹੰਝੂਆਂ ਭਰੀਆਂ ਅੱਖਾਂ ਨਾਲ ਪੀੜਤ ਮਾਪਿਆਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ (ਐਨ.ਆਰ.ਆਈਜ਼) ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਸਿੱਖ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ। ਲਵਪ੍ਰੀਤ ਦੇ ਮਾਮੇ ਗੁਰਤੇਜ ਸਿੰਘ ਨੇ ਵੀ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਦੁਖੀ ਪਰਿਵਾਰ ਦੀ ਮਦਦ ਕਰਨ ਦੀ ਗੁਹਾਰ ਲਗਾਈ ਹੈ।

ਇਸ ਦੁਖਦਾਈ ਘਟਨਾ ‘ਤੇ ਸੋਕ ਪ੍ਰਗਟ ਕਰਦਿਆਂ ਸ਼ਿਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਲਵਪ੍ਰੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਸਥਾਨਕ ਸਰੋਤਾਂ ਅਨੁਸਾਰ ਦੂਜੇ ਮ੍ਰਿਤਕ ਨੌਜਵਾਨ ਦੀ ਪਛਾਣ ਸੁਖਰਾਜ ਸਿੰਘ ਅਤੇ ਜਸਵੰਤ ਕੌਰ ਦੇ ਪੁੱਤਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਤਾਲਾ ਦੇ ਰਹਿਣ ਵਾਲੇ ਹਨ।

 

Exit mobile version