ਯੋਜਨਾ ਰਾਹੀਂ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮਨਿਰਭਰ ਬਣਨ ਲਈ ਮਿਲੇਗਾ ਸਹਾਰਾ
ਕੁਰੂਕਸ਼ੇਤਰ, 11 ਅਕਤੂਬਰ, 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੇ ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਲਾਡੋ ਲਕਸ਼ਮੀ ਯੋਜਨਾ ਦਾ ਦਾਇਰਾ ਹੋਰ ਵਧਾ ਦਿੱਤਾ ਗਿਆ ਹੈ। ਹੁਣ ਇਸ ਯੋਜਨਾ ਤਹਿਤ 1.80 ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਔਰਤਾਂ ਨੂੰ ਵੀ ਲਾਭ ਮਿਲੇਗਾ। ਯੋਗ ਔਰਤਾਂ ਨੂੰ ਹਰ ਮਹੀਨੇ 2,100 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਵੱਲ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ। ਇਸ ਰਾਹੀਂ ਯੋਗ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦੇ ਕੇ ਆਤਮਨਿਰਭਰ ਬਣਨ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਯੋਗ ਔਰਤਾਂ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਅਰਜ਼ੀ ਦੇ ਕੇ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਲਗਭਗ 10 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 2,466.63 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਜਾ ਚੁੱਕੀ ਹੈ। ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਯੋਜਨਾ ਲਈ ਬਜਟ ਵਿੱਚ 6,500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ 12ਵੀਂ ਕਿਸ਼ਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਹੈ। ਹੁਣ ਤੱਕ ਯੋਜਨਾ ਦੀਆਂ 12 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ 17 ਸਤੰਬਰ ਤੋਂ ਹੋ ਚੁੱਕੀ ਹੈ। ਸਰਕਾਰ ਨੇ ਯੋਜਨਾ ਦਾ ਦਾਇਰਾ ਵਧਾਉਂਦਿਆਂ ਪਰਿਵਾਰ ਦੀ ਸਾਲਾਨਾ ਆਮਦਨ ਦੀ ਹੱਦ ਇੱਕ ਲੱਖ ਰੁਪਏ ਤੋਂ ਵਧਾ ਕੇ 1.80 ਲੱਖ ਰੁਪਏ ਕਰ ਦਿੱਤੀ ਹੈ। ਦੂਜੇ ਪੜਾਅ ਲਈ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਰਜਿਸਟਰਡ ਲਾਭਪਾਤਰੀਆਂ ਨੂੰ ਨਵੰਬਰ ਮਹੀਨੇ ਵਿੱਚ ਸਹਾਇਤਾ ਰਾਸ਼ੀ ਵੰਡੀ ਜਾਵੇਗੀ।







