Homeਸੰਸਾਰ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹੀਦੀ ਦਿਵਸ’ ਰੱਖਿਆ ਜਾਵੇ:...

‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹੀਦੀ ਦਿਵਸ’ ਰੱਖਿਆ ਜਾਵੇ: ਸਿੱਖ ਮਾਮਲਿਆਂ ਦੇ ਮਾਹਿਰ ਵੱਲੋਂ SGPC ਨੂੰ ਦਖ਼ਲ ਦੇਣ ਦੀ ਅਪੀਲ

Sikh Expert Gurcharanjit Singh Lamba Urges SGPC to Rename Veer Bal Diwas, Remove Amrit Sarovar Tag and Amend Article 25.

‘ਅੰਮ੍ਰਿਤ ਸਰੋਵਰ’ ਸ਼ਬਦ ਦੀ ਸਰਕਾਰੀ ਵਰਤੋਂ ਬੰਦ ਕਰਵਾਉਣ ਅਤੇ ਸੰਵਿਧਾਨ ਦੀ ਧਾਰਾ 25 ਵਿੱਚ ਸੋਧ ਦਾ ਮੁੱਦਾ ਵੀ ਉਠਾਇਆ

ਨਿਊਜਰਸੀ (ਅਮਰੀਕਾ), 28 ਨਵੰਬਰ, 2026 (ਛਤਰਪਾਲ ਸਿੰਘ ) : ਸਿੱਖ ਧਾਰਮਿਕ ਅਤੇ ਪੰਥਕ ਮਾਮਲਿਆਂ ਨਾਲ ਸਬੰਧਤ ਤਿੰਨ ਅਹਿਮ ਮੁੱਦਿਆਂ ਨੂੰ ਲੈ ਕੇ ਅਮਰੀਕਾ ਦੇ ਨਿਊਜਰਸੀ ਵਿੱਚ ਰਹਿੰਦੇ ਉੱਘੇ ਸਿੱਖ ਬੁੱਧੀਜੀਵੀ ਅਤੇ ਸਿੱਖ ਮਾਮਲਿਆਂ ਦੇ ਮਾਹਿਰ ਗੁਰਚਰਨਜੀਤ ਸਿੰਘ ਲਾਂਬਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। 26 ਨਵੰਬਰ 2026 ਨੂੰ SGPC ਪ੍ਰਧਾਨ ਨੂੰ ਭੇਜੇ ਪੱਤਰ ਵਿੱਚ ਲਾਂਬਾ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਵਸ ਦਾ ਨਾਮ ‘ਵੀਰ ਬਾਲ ਦਿਵਸ’ ਦੀ ਬਜਾਏ ‘ਸਾਹਿਬਜ਼ਾਦੇ ਸ਼ਹੀਦੀ ਦਿਵਸ’ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਮੌਜੂਦਾ ਨਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ SGPC ਵੱਲੋਂ ਪਹਿਲਾਂ ਵੀ ਇਤਰਾਜ਼ਯੋਗ ਕਰਾਰ ਦਿੱਤਾ ਜਾ ਚੁੱਕਾ ਹੈ।

ਲਾਂਬਾ ਨੇ ਦੂਜਾ ਮੁੱਦਾ ਕੇਂਦਰ ਸਰਕਾਰ ਦੀ ਦੇਸ਼ ਭਰ ਵਿੱਚ ਚੱਲ ਰਹੀ ਯੋਜਨਾ ਤਹਿਤ ਜਲ ਸਰੋਵਰਾਂ ਲਈ ‘ਅੰਮ੍ਰਿਤ ਸਰੋਵਰ’ ਸ਼ਬਦ ਦੀ ਵਰਤੋਂ ਨਾਲ ਸਬੰਧਤ ਉਠਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪਵਿੱਤਰ ਸਿੱਖ ਧਾਰਮਿਕ ਸ਼ਬਦ ਦੀ ਸਰਕਾਰੀ ਯੋਜਨਾ ਵਿੱਚ ਵਰਤੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ SGPC ਨੂੰ ਅਪੀਲ ਕੀਤੀ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਆਗਾਮੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਇਹ ਮਾਮਲਾ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ। ਪੱਤਰ ਵਿੱਚ ਤੀਜਾ ਅਹਿਮ ਮੁੱਦਾ ਭਾਰਤੀ ਸੰਵਿਧਾਨ ਦੀ ਧਾਰਾ 25 ਵਿੱਚ ਸੋਧ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਹੈ। ਲਾਂਬਾ ਨੇ ਦੱਸਿਆ ਕਿ ਜਸਟਿਸ ਵੈਂਕਟਚਲੱਈਆ ਕਮਿਸ਼ਨ ਵੱਲੋਂ ਦੋ ਦਹਾਕਿਆਂ ਤੋਂ ਵੀ ਵੱਧ ਸਮਾਂ ਪਹਿਲਾਂ ਇਸ ਧਾਰਾ ਦੀ ਸ਼ਬਦਾਵਲੀ ਵਿੱਚ ਤਬਦੀਲੀ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਅੰਤਿਮ ਹੱਲ ਨਹੀਂ ਨਿਕਲਿਆ। ਉਨ੍ਹਾਂ SGPC ਪ੍ਰਧਾਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨਾਂ ਪੰਥਕ ਅਤੇ ਧਾਰਮਿਕ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲਾਂ ਪ੍ਰਗਟਾਏ ਇਤਰਾਜ਼ਾਂ ਅਤੇ ਪੰਥਕ ਭਾਵਨਾਵਾਂ ਦੇ ਮੱਦੇਨਜ਼ਰ ਸਬੰਧਤ ਸਰਕਾਰੀ ਅਧਿਕਾਰੀਆਂ ਕੋਲ ਮਾਮਲੇ ਉਠਾਏ ਜਾਣ ਅਤੇ ਇਨ੍ਹਾਂ ਦੇ ਹੱਲ ਲਈ ਠੋਸ ਕਾਰਵਾਈ ਸ਼ੁਰੂ ਕੀਤੀ ਜਾਵੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments