ਲੁਧਿਆਣਾ, 28 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ): ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਨੁੱਖੀ ਸਰੋਤ ਪ੍ਰਬੰਧਨ ਕੇਂਦਰ (HRMC) ਵੱਲੋਂ “ਆਓ ਮਹਾਨ ਕੰਮ ਕਰਕੇ ਦਿਖਾਈਏ” ਵਿਸ਼ੇ ’ਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਆਤਮ ਪਰਗਾਸ ਸੋਸ਼ਲ ਵੈਲਫੇਅਰ ਕੌਂਸਲ ਦੇ ਚੇਅਰਮੈਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਸਾਬਕਾ ਪ੍ਰਮੁੱਖ ਵਿਗਿਆਨੀ ਡਾ. ਵਰਿੰਦਰਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਆਫ਼ ਵੈਟਰਨਰੀ ਸਾਇੰਸ ਦੇ ਡੀਨ ਡਾ. ਐੱਸ.ਐੱਸ. ਰੰਧਾਵਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਤਜਰਬੇਕਾਰ ਪੇਸ਼ੇਵਰਾਂ ਨੂੰ ਵਿਦਿਆਰਥੀਆਂ ਨਾਲ ਆਪਣੇ ਗਿਆਨ, ਤਜਰਬੇ ਅਤੇ ਜੀਵਨ ਦੇ ਅਹਿਮ ਸਬਕ ਸਾਂਝੇ ਕਰਨ ਲਈ ਸੱਦਾ ਦੇਣਾ ਬਹੁਤ ਮਹੱਤਵਪੂਰਨ ਹੈ। ਅਜਿਹੇ ਭਾਸ਼ਣ ਵਿਦਿਆਰਥੀਆਂ ਨੂੰ ਨਵੀਂ ਸੋਚ ਅਤੇ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਦੇ ਹਨ।

ਆਪਣੇ ਸੰਬੋਧਨ ਦੌਰਾਨ ਡਾ. ਵਰਿੰਦਰਪਾਲ ਸਿੰਘ ਨੇ ਜੀਵਨ ਵਿੱਚ ਸਾਰਥਕ ਟੀਚਿਆਂ ਦੀ ਪ੍ਰਾਪਤੀ ਲਈ ਸਕਾਰਾਤਮਕ ਸੋਚ, ਦ੍ਰਿੜ੍ਹ ਇਰਾਦੇ ਅਤੇ ਸਮੂਹਿਕ ਯਤਨਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵੱਡੀਆਂ ਪ੍ਰਾਪਤੀਆਂ ਦੀ ਸ਼ੁਰੂਆਤ ਹਮੇਸ਼ਾ ਸਕਾਰਾਤਮਕ ਮਾਨਸਿਕਤਾ, ਸਪੱਸ਼ਟ ਦ੍ਰਿਸ਼ਟੀਕੋਣ ਅਤੇ ਪਹਿਲਕਦਮੀ ਕਰਨ ਦੀ ਇੱਛਾ ਨਾਲ ਹੁੰਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਫਲਤਾ ਸਿਰਫ਼ ਕਿਸੇ ਇੱਕ ਵਿਅਕਤੀ ਦੀ ਪ੍ਰਾਪਤੀ ਨਹੀਂ ਹੁੰਦੀ, ਸਗੋਂ ਇਸ ਪਿੱਛੇ ਟੀਮ ਵਰਕ, ਆਪਸੀ ਵਿਸ਼ਵਾਸ, ਸਹਿਯੋਗ ਅਤੇ ਸਾਂਝੇ ਟੀਚਿਆਂ ਪ੍ਰਤੀ ਸਮਰਪਣ ਦੀ ਅਹਿਮ ਭੂਮਿਕਾ ਹੁੰਦੀ ਹੈ। ਜਦੋਂ ਸਾਰੇ ਵਿਅਕਤੀ ਇੱਕੋ ਮਕਸਦ ਦੀ ਪ੍ਰਾਪਤੀ ਲਈ ਮਿਲ ਕੇ ਯਤਨ ਕਰਦੇ ਹਨ ਤਾਂ ਵੱਡੀਆਂ ਮੰਜ਼ਿਲਾਂ ਹਾਸਲ ਕਰਨਾ ਸੰਭਵ ਹੋ ਜਾਂਦਾ ਹੈ। ਅੰਤ ਵਿੱਚ ਐੱਚ.ਆਰ.ਐੱਮ.ਸੀ. ਦੀ ਡਾਇਰੈਕਟਰ ਡਾ. ਵਰਿੰਦਰ ਉੱਪਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਮੁੱਖ ਬੁਲਾਰੇ ਵੱਲੋਂ ਆਪਣੇ ਕੀਮਤੀ ਤਜਰਬੇ, ਵਿਚਾਰ ਅਤੇ ਪ੍ਰੇਰਨਾਦਾਇਕ ਸੰਦੇਸ਼ ਸਾਂਝੇ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।






