Home ਪੰਜਾਬ ਵੈਟਨਰੀ ਯੂਨੀਵਰਸਿਟੀ 18 ਅਤੇ 19 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’

ਵੈਟਨਰੀ ਯੂਨੀਵਰਸਿਟੀ 18 ਅਤੇ 19 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’

Veterinary University to Host Livestock Fair on September 18–19

0

ਲੁਧਿਆਣਾ 11 ਸਤੰਬਰ 2026 (ਹਰਸ਼ਪ੍ਰੀਤ ਕੌਰ) :ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ 18 ਅਤੇ 19 ਸਤੰਬਰ 2026 ਨੂੰ ਦੋ ਦਿਨਾ ‘ਪਸ਼ੂ ਪਾਲਣ ਮੇਲਾ’ਕਰਵਾਏਗੀ। ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਮੇਲੇ ਲਈ ਅਸੀਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਵੀ ਸੱਦਾ ਦਿੰਦੇ ਹਾਂ।ਉਨ੍ਹਾਂ ਕਿਹਾ ਕਿ ਇਸ ਵਾਰ ਦਾ ਮੇਲਾ ਜੈਵਿਕ ਸੁਰੱਖਿਆ ਦੀ ਜਾਗਰੂਕਤਾ ਨੂੰ ਸਮਰਪਿਤ ਹੋਵੇਗਾ ਇਸ ਲਈ ਮੇਲੇ ਦਾ ਨਾਅਰਾ ਰੱਖਿਆ ਗਿਆ ਹੈ ‘ਮਜ਼ਬੂਤ ਜੈਵਿਕ ਸੁਰੱਖਿਆ, ਕਰੇ ਬਿਮਾਰੀਆਂ ਤੋਂ ਰੱਖਿਆ’। ਪਸ਼ੂ ਪਾਲਕਾਂ ਨੂੰ ਜੈਵਿਕ ਸੁਰੱਖਿਆ ਦੇ ਵਿਭਿੰਨ ਨੁਕਤਿਆ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਬਿਮਾਰੀਆਂ ਤੋਂ ਬਚਣ ਦੇ ਉੁਪਰਾਲੇ ਦੱਸੇ ਜਾਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ ਨੂੰ ਅਪਨਾਉਣ ਅਤੇ ਉਤਸਾਹਿਤ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸ਼੍ਰੇਣੀਆਂ ਦੇ ‘ਮੁੱਖ ਮੰਤਰੀ ਪੁਰਸਕਾਰ’ ਨਾਲ ਵੀ ਨਿਵਾਜਿਆ ਜਾਏਗਾ।

ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਪੁੱਛਗਿਛ ਤੋਂ ਪਤਾ ਲਗਦਾ ਹੈ ਕਿ ਉਹ ਮੇਲਾ ਵੇਖਣ ਲਈ ਬਹੁਤ ਤਾਂਘਵਾਨ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੇਲੇ ਵਿਚ ਯੂਨੀਵਰਸਿਟੀ ਵੱਲੋਂ ਵੈਟਨਰੀ ਅਤੇ ਪਸ਼ੂ ਵਿਗਿਆਨ, ਡੇਅਰੀ, ਪੋਲਟਰੀ, ਫ਼ਿਸ਼ਰੀਜ਼ ਸੰਬੰਧੀ ਤਕਨੀਕਾਂ ਦਾ ਪ੍ਰਦਰਸ਼ਨ ਹੋਵੇਗਾ ਅਤੇ ਕਿਸਾਨ-ਵਿਗਿਆਨੀ ਤਕਨੀਕੀ ਲੈਕਚਰਾਂ ਦੇ ਮੰਚ ’ਤੇ ਇਕੱਠੇ ਹੋਣਗੇ। ਸਵਾਲਾਂ ਜਵਾਬਾਂ ਦਾ ਸੈਸ਼ਨ ਵੀ ਆਯੋਜਿਤ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਉਤਮ ਨਸਲ ਦੇ ਪਸ਼ੂ, ਮੱਝਾਂ, ਬੱਕਰੀਆਂ, ਮੱਛੀਆਂ ਅਤੇ ਮੁਰਗੀਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸੰਪੂਰਨ ਸਾਹਿਤ ਅਤੇ ਰਸਾਲਾ ‘ਵਿਗਿਆਨਕ ਪਸ਼ੂ ਪਾਲਣ’ਵੀ ਉਪਲਬਧ ਹੋਵੇਗਾ। ਕਈ ਕਿਤਾਬਚੇ ਅਤੇ ਹੋਰ ਪ੍ਰਕਾਸ਼ਨਾਵਾਂ ਲੋਕ ਅਰਪਣ ਕੀਤੀਆਂ ਜਾਣਗੀਆਂ।

ਪਸ਼ੂਆਂ ਦੀ ਨਸਲ ਨੂੰ ਬਿਹਤਰ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਵਸਤਾਂ ਸੰਬੰਧੀ ਮਸ਼ੀਨਰੀ, ਦਵਾਈਆਂ, ਟੀਕਿਆਂ, ਪਸ਼ੂ ਫੀਡ ਨਾਲ ਸੰਬੰਧਿਤ ਕੰਪਨੀਆਂ ਅਤੇ ਵਿਤੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੇਲੇ ਵਿਚ ਮੌਜੂਦ ਹੋਣਗੇ। ਮੇਲੇ ਵਿਚ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਜਾਂਦੇ ਧਾਤਾਂ ਦੇ ਚੂਰੇ, ਪਸ਼ੂ ਚਾਟ, ਬਾਈਪਾਸ ਫੈਟ, ਪਰਾਲੀ ਨੂੰ ਯੂਰੀਏ ਨਾਲ ਸੋਧਣ ਸੰਬੰਧੀ ਦੱਸਿਆ ਜਾਏਗਾ। ਕਿਸਾਨਾਂ ਨੂੰ ਲੇਵੇ ਦੀ ਸੋਜ, ਦੁੱਧ ਦੀ ਜਾਂਚ, ਪਸ਼ੂ ਜ਼ਹਿਰਬਾਦ, ਅੰਦਰੂਨੀ ਪਰਜੀਵੀਆਂ ਬਾਰੇ ਜਾਗਰੂਕ ਕੀਤਾ ਜਾਏਗਾ। ਪਸ਼ੂ ਦੇ ਖੂਨ, ਗੋਹੇ, ਪਿਸ਼ਾਬ, ਚਮੜੀ, ਫੀਡ ਦੇ ਨਮੂਨੇ, ਦੁੱਧ ਅਤੇ ਚਾਰਿਆਂ ਦੇ ਜ਼ਹਿਰਬਾਦ ਸੰਬੰਧੀ ਮੇਲੇ ਦੌਰਾਨ ਜਾਂਚ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ।

ਜਿੱਥੇ ਮੇਲੇ ਵਿਚ ਪਸ਼ੂ ਪਾਲਣ ਅਤੇ ਕਿਸਾਨੀ ਨਾਲ ਸੰਬੰਧਿਤ ਵੱਖੋ-ਵੱਖਰੇ ਵਿਭਾਗ ਹਿੱਸਾ ਲੈਣਗੇ ਉਥੇ 100 ਤੋਂ ਵਧੇਰੇ ਕੰਪਨੀਆਂ ਆਪਣੀਆਂ ਦਵਾਈਆਂ, ਉਪਕਰਣ, ਮਸ਼ੀਨਰੀ ਅਤੇ ਪਸ਼ੂਆਂ ਨਾਲ ਸੰਬੰਧਿਤ ਸਹੂਲਤਾਂ ਬਾਰੇ ਸਟਾਲ ਲਗਾਉਣਗੇ। ਯੂਨੀਵਰਸਿਟੀ ਦੀ ਅਗਵਾਈ ਅਧੀਨ ਕੰਮ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੀ ਆਪਣੇ ਸਟਾਲ ਲਗਾਉਣਗੀਆਂ।

Exit mobile version