Homeਪੰਜਾਬਪੁਲਿਸ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੇ ਧਰਮਕੋਟ ਵਿੱਚ ਭ੍ਰਿਸ਼ਟਾਚਾਰ ਦੀ ਸਥਿਤੀ ’ਤੇ...

ਪੁਲਿਸ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੇ ਧਰਮਕੋਟ ਵਿੱਚ ਭ੍ਰਿਸ਼ਟਾਚਾਰ ਦੀ ਸਥਿਤੀ ’ਤੇ ਖੜ੍ਹੇ ਕੀਤੇ ਸਵਾਲ: ਮੱਖਣ ਬਰਾੜ

Makhan Brar raises questions over police corruption and drug menace in Dharamkot

ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ; ਕਿਹਾ—ਨਸ਼ਾ ਰੋਕਣ ਦੇ ਦਾਅਵੇ ਕਰਨ ਵਾਲੇ ਜ਼ਮੀਨੀ ਹਕੀਕਤ ਦਾ ਦੇਣ ਜਵਾਬ

ਧਰਮਕੋਟ, 28 ਸਤੰਬਰ 2026 (ਲਛਮਣ ਜੀਤ ਸਿੰਘ ਪੁਰਬਾ) : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਕਾਰਵਾਈਆਂ ਅਤੇ ਹਲਕੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕੇ ਹਨ। ਉਹ ਆਪਣੀ ਰਿਹਾਇਸ਼ ਵਿਖੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਮੱਖਣ ਬਰਾੜ ਨੇ ਕਿਹਾ ਕਿ ਹਲਕਾ ਧਰਮਕੋਟ ਨਾਲ ਸਬੰਧਤ ਥਾਣਿਆਂ ਵਿੱਚ ਤਾਇਨਾਤ ਰਹੇ ਤਿੰਨ ਪੁਲਿਸ ਇੰਸਪੈਕਟਰਾਂ ਖ਼ਿਲਾਫ਼ ਵੱਖ-ਵੱਖ ਸਮਿਆਂ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਹੋਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਪੁਲਿਸ ਪ੍ਰਸ਼ਾਸਨ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਸਾਲ 2023 ਵਿੱਚ ਥਾਣਾ ਧਰਮਕੋਟ ਦੇ ਤਤਕਾਲੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਖ਼ਿਲਾਫ਼ ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ 2024 ਵਿੱਚ ਥਾਣਾ ਕੋਟ ਈਸੇ ਖਾਂ ਦੀ ਤਤਕਾਲੀ ਐਸ.ਐਚ.ਓ. ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਖ਼ਿਲਾਫ਼ ਨਸ਼ਿਆਂ ਨਾਲ ਸਬੰਧਤ ਮਾਮਲੇ ਵਿੱਚ ਕਥਿਤ ਰਿਸ਼ਵਤ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਣ ਦਾ ਉਨ੍ਹਾਂ ਜ਼ਿਕਰ ਕੀਤਾ। ਉਨ੍ਹਾਂ ਮੁਤਾਬਕ ਮੀਡੀਆ ਰਿਪੋਰਟਾਂ ਵਿੱਚ ਇਸ ਮਾਮਲੇ ਵਿੱਚ 5 ਲੱਖ ਦੀ ਰਿਸ਼ਵਤ ਦੇ ਦੋਸ਼ ਸਾਹਮਣੇ ਆਏ ਸਨ।ਮੱਖਣ ਬਰਾੜ ਨੇ ਕਿਹਾ ਕਿ ਹਾਲ ਹੀ ਵਿੱਚ ਕੋਟ ਈਸੇ ਖਾਂ ਦੀ ਐਸ.ਐਚ.ਓ. ਇੰਸਪੈਕਟਰ ਸੁਨੀਤਾ ਰਾਣੀ/ਬਾਵਾ ਖ਼ਿਲਾਫ਼ ਵੀ ਵਿਜੀਲੈਂਸ ਬਿਊਰੋ ਵੱਲੋਂ 50 ਹਜ਼ਾਰ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਅਨੁਸਾਰ ਐਸ.ਐਚ.ਓ. ਅਤੇ ਇੱਕ ਪੰਜਾਬ ਹੋਮਗਾਰਡ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਸਿਰਫ਼ ਵਿਅਕਤੀਗਤ ਅਧਿਕਾਰੀਆਂ ਖ਼ਿਲਾਫ਼ ਕੀਤੀ ਕਾਰਵਾਈ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਇਹ ਵੀ ਜਾਂਚਿਆ ਜਾਵੇ ਕਿ ਹਲਕੇ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਰ-ਵਾਰ ਸਾਹਮਣੇ ਆਉਣ ਦੇ ਕਾਰਨ ਕੀ ਹਨ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਇਨ੍ਹਾਂ ਨੂੰ ਰੋਕਣ ਲਈ ਕੀ ਵਿਵਸਥਾ ਹੈ। ਉਨ੍ਹਾਂ ਹਲਕਾ ਧਰਮਕੋਟ ਦੇ ਵਿਧਾਇਕ ’ਤੇ ਇੱਕ ਪੁਲਿਸ ਅਧਿਕਾਰੀ ਦੀ ਤਾਇਨਾਤੀ ਸਬੰਧੀ ਕਥਿਤ ਸਿਆਸੀ ਪ੍ਰਭਾਵ ਵਰਤਣ ਦੇ ਦੋਸ਼ ਵੀ ਲਗਾਏ। ਮੱਖਣ ਬਰਾੜ ਨੇ ਕਿਹਾ ਕਿ ਇਸ ਸਬੰਧੀ ਸਾਹਮਣੇ ਆਏ ਦੋਸ਼ਾਂ ਅਤੇ ਬਾਅਦ ਵਿੱਚ ਕੀਤੀ ਗਈ ਮੁਅੱਤਲੀ ਦੀ ਕਾਰਵਾਈ ਦੀ ਵੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੁਲਿਸ ਤਾਇਨਾਤੀਆਂ ’ਤੇ ਸਿਆਸੀ ਪ੍ਰਭਾਵ ਦੇ ਦੋਸ਼ ਲੱਗਦੇ ਹਨ ਤਾਂ ਲੋਕਾਂ ਦਾ ਪ੍ਰਸ਼ਾਸਨ ਅਤੇ ਨਿਆਂ ਪ੍ਰਣਾਲੀ ’ਤੇ ਭਰੋਸਾ ਕਿਵੇਂ ਕਾਇਮ ਰਹੇਗਾ।

ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ

ਮੱਖਣ ਬਰਾੜ ਨੇ ਹਲਕੇ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਵਿੱਚ ਨਸ਼ਾ ਨਾ ਵੜਨ ਦੇਣ ਸਬੰਧੀ ਕੀਤੇ ਗਏ ਦਾਅਵਿਆਂ ਦੇ ਬਾਵਜੂਦ ਅੱਜ ਵੀ ਵੱਖ-ਵੱਖ ਪਿੰਡਾਂ ਤੋਂ ਨਸ਼ਿਆਂ ਕਾਰਨ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਆਪਣੇ ਨੌਜਵਾਨ ਪੁੱਤਰ ਗੁਆਉਣ ਵਾਲੇ ਪਰਿਵਾਰਾਂ ਦਾ ਦਰਦ ਸਿਰਫ਼ ਅੰਕੜਿਆਂ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਸਰਕਾਰ ਨੂੰ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਮੁਹਿੰਮ ਦੀ ਸਫਲਤਾ ਦੇ ਦਾਅਵਿਆਂ ਦੇ ਨਾਲ-ਨਾਲ ਧਰਮਕੋਟ ਹਲਕੇ ਵਿੱਚ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਹੱਲ ਨਜ਼ਰ ਆਉਣਾ ਚਾਹੀਦਾ ਹੈ। ਅੰਤ ਵਿੱਚ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਵੱਲੋਂ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਪ੍ਰਸ਼ਾਸਨਿਕ ਖਾਮੀਆਂ ਨਾਲ ਸਬੰਧਤ ਲੋਕਾਂ ਦੇ ਮੁੱਦੇ ਲਗਾਤਾਰ ਉਠਾਏ ਜਾਂਦੇ ਰਹਿਣਗੇ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments