ਅੰਮ੍ਰਿਤਸਰ:11ਜੁਲਾਈ (ਛਤਰਪਾਲ ਸਿੰਘ):ਅੰਮ੍ਰਿਤਸਰ ਦੇ ਘੜਿੰਡਾ ਥਾਣੇ ਅਧੀਨ ਪੈਂਦੇ ਪਿੰਡ ਭੱਖਨਾ ਕਲਾਂ ਦੀ ਅਨਾਜ ਮੰਡੀ ਵਿੱਚ ਸਰਪੰਚੀ ਦੇ ਅਹੁਦੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਖੂਨੀ ਝੜਪ ਦਾ ਰੂਪ ਧਾਰ ਲਿਆ। ਇਸ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹੁਣ ਤੱਕ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੇ ਅਨੁਸਾਰ, 9 ਜੁਲਾਈ ਦੀ ਸ਼ਾਮ ਕਰੀਬ 7:30 ਵਜੇ ਘੜਿੰਡਾ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਭੱਖਨਾ ਕਲਾਂ ਵਿੱਚ ਸਰਪੰਚ ਗੁਰਦੀਪ ਸਿੰਘ ਅਤੇ ਪੰਚਾਇਤ ਮੈਂਬਰ ਪਰਗਟ ਸਿੰਘ ਦੇ ਗਰੁੱਪ ਆਹਮੋ-ਸਾਹਮਣੇ ਖੜ੍ਹੇ ਹਨ।
ਡੀਐਸਪੀ ਨੇ ਦੱਸਿਆ ਕਿ ਸਰਪੰਚ ਗੁਰਦੀਪ ਸਿੰਘ ਅਤੇ ਪੰਚਾਇਤ ਮੈਂਬਰ ਪਰਗਟ ਸਿੰਘ ਉਰਫ਼ ਬੱਲੂ ਵਿਚਕਾਰ ਸਰਪੰਚੀ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਦੇ ਚਲਦਿਆਂ ਦੋਵੇਂ ਧਿਰਾਂ ਨੇ ਅਨਾਜ ਮੰਡੀ ਵਿੱਚ ਇਕੱਠੇ ਹੋ ਕੇ ਟੱਕਰ ਲੈਣ ਦੀ ਯੋਜਨਾ ਬਣਾਈ ਸੀ। ਦੋਵਾਂ ਪਾਸਿਆਂ ਤੋਂ 10 ਤੋਂ 15 ਵਾਹਨਾਂ ਵਿੱਚ ਨੌਜਵਾਨ ਮੌਕੇ ‘ਤੇ ਪਹੁੰਚੇ ਅਤੇ ਤਕਰਾਰ ਦੌਰਾਨ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵੱਲੋਂ ਭਾਰੀ ਗੋਲੀਬਾਰੀ ਕੀਤੀ ਗਈ।
ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਜਦੋਂ ਟੀਮ ਮੌਕੇ ‘ਤੇ ਪਹੁੰਚੀ ਤਾਂ ਉਦੋਂ ਤੱਕ ਦੋਵਾਂ ਪਾਸਿਆਂ ਵੱਲੋਂ ਕਈ ਰਾਊਂਡ ਫਾਇਰਿੰਗ ਹੋ ਚੁੱਕੀ ਸੀ। ਇਸ ਗੋਲੀਬਾਰੀ ਵਿੱਚ ਰਾਜਾ ਸਾਂਸੀ ਥਾਣੇ ਅਧੀਨ ਪੈਂਦੇ ਪਿੰਡ ਕੋਟਲੀ ਸੱਕਾ ਦੇ ਰਹਿਣ ਵਾਲੇ ਗੁਰਸ਼ਰਨ ਸਿੰਘ ਉਰਫ਼ ਚੀਨੀ, ਜੋ ਪਰਗਟ ਸਿੰਘ ਦੇ ਗਰੁੱਪ ਨਾਲ ਸੰਬੰਧਿਤ ਸੀ, ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ ਸੁਖਮਨ ਨਾਮਕ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਸਮੇਤ 9 ਮੁਲਜ਼ਮ ਪੁਲਿਸ ਹਿਰਾਸਤ ਵਿੱਚ
ਪੁਲਿਸ ਨੇ ਕਾਰਵਾਈ ਕਰਦਿਆਂ ਮੌਕੇ ਅਤੇ ਆਸ-ਪਾਸ ਦੇ ਇਲਾਕੇ ਤੋਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਖ਼ਮੀ ਸੁਖਮਨ ਹਸਪਤਾਲ ਵਿੱਚ ਦਾਖ਼ਲ ਹੈ, ਜਿੱਥੇ ਉਸ ਦੀ ਨਿਗਰਾਨੀ ਲਈ ਪੁਲਿਸ ਸੁਰੱਖਿਆ ਤਾਇਨਾਤ ਕੀਤੀ ਗਈ ਹੈ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਦਿਖਾਇਆ ਗਿਆ ਹੈ। ਇਸ ਤਰ੍ਹਾਂ ਹੁਣ ਤੱਕ ਕੁੱਲ 9 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਫ਼ਰਾਰ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਨੂੰ ਜਲਦੀ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
