ਚੰਡੀਗੜ੍ਹ, 24 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਇੱਕ ਗੰਭੀਰ ਖ਼ਤਰਾ ਹੈ। ਉਨ੍ਹਾਂ ਨੇ ‘ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਘਣੀ ਮੁੜ-ਸੋਧ’ (SIR) ਪ੍ਰਕਿਰਿਆ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਕਰਨ ਅਤੇ ਗੜਬੜੀਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ ਨੇ ਧੁਨੀ ਮਤ (Voice Vote) ਨਾਲ SIR ਵਿਰੁੱਧ ਇੱਕ ਮਤਾ ਪਾਸ ਕੀਤਾ, ਜੋ ਕਿ ਨਾਗਰਿਕਾਂ ਦੇ ਵੋਟ ਦੇ ਅਧਿਕਾਰ ‘ਤੇ ਧੱਕੇਸ਼ਾਹੀ ਵਿਰੁੱਧ ਪੰਜਾਬ ਦੇ ਵਿਰੋਧ ਨੂੰ ਦਰਸਾਉਂਦਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ SIR ਦੀ ਇਸ ਪ੍ਰਕਿਰਿਆ ਦੀ ਨਿੰਦਾ ਕਰਦਿਆਂ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਹੈ।
“ਪਹਿਲਾਂ ਲੋਕ ਸਰਕਾਰ ਚੁਣਦੇ ਸੀ, ਹੁਣ ਸਰਕਾਰ ਵੋਟਰ ਚੁਣਦੀ ਹੈ”
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਚੋਣ ਕਮਿਸ਼ਨ ਦੇ ਨਾਂ ‘ਤੇ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰ ਰਹੀ ਹੈ, ਜਿਸ ਵਿੱਚ ਆਪਣੇ ਪੱਖ ਦੀਆਂ ਵੋਟਾਂ ਜੋੜੀਆਂ ਜਾ ਰਹੀਆਂ ਹਨ ਅਤੇ ਵਿਰੋਧੀ ਧਿਰਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜਿਹੇ ਮੋੜ ‘ਤੇ ਪਹੁੰਚ ਗਿਆ ਹੈ ਜਿੱਥੇ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੁਣ ਇਹ ਤੈਅ ਕਰ ਰਹੀ ਹੈ ਕਿ ਵੋਟ ਕੌਣ ਪਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ, “ਵੋਟ ਪਾਉਣ ਦਾ ਅਧਿਕਾਰ ਕਿਸੇ ਸਰਕਾਰ ਦਾ ਅਹਿਸਾਨ ਨਹੀਂ ਹੈ। ਇਹ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹੈ। ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੇ ਸੰਵਿਧਾਨ ਨੇ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਿਆਸੀ ਭਾਈਵਾਲੀ ਦਾ ਅਧਿਕਾਰ ਦਿੱਤਾ ਹੈ। ਕਿਸੇ ਵੀ ਯੋਗ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।”
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਅਤੇ ਪੰਜਾਬ ਨਾਲ ਵਿਤਕਰਾ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ED ਅਤੇ CBI ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਤੇ ਜਾਂਚ ਸੰਸਥਾਵਾਂ ਨੂੰ ਰਾਜਨੀਤਿਕ ਦਬਾਅ ਤੋਂ ਮੁਕਤ ਹੋ ਕੇ ਸੁਤੰਤਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੰਜਾਬ ਵਿੱਚ ਅੰਤਰਰਾਸ਼ਟਰੀ ਨਿਵੇਸ਼ ਲਿਆਉਣ ਦੇ ਯਤਨਾਂ ਵਿੱਚ ਕੇਂਦਰ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਰੁਕਾਵਟਾਂ ਦਾ ਜ਼ਿਕਰ ਕੀਤਾ। ਮਾਨ ਨੇ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ, ਨੌਜਵਾਨਾਂ ਦੇ ਰੁਜ਼ਗਾਰ ਅਤੇ ਖੁਸ਼ਹਾਲੀ ਨੂੰ ਰਾਜਨੀਤਿਕ ਮਤਭੇਦਾਂ ਦੀ ਭੇਂਟ ਨਹੀਂ ਚੜ੍ਹਾਇਆ ਜਾਣਾ ਚਾਹੀਦਾ।
ਕਿਸਾਨੀ ਅਤੇ ਅੰਤਰਰਾਸ਼ਟਰੀ ਵਪਾਰ ਸਮਝੌਤੇ
ਮੁੱਖ ਮੰਤਰੀ ਨੇ ਦੇਸ਼ ਦੀਆਂ ਖੇਤੀਬਾੜੀ ਨੀਤੀਆਂ ਅਤੇ ਵਿਦੇਸ਼ੀ ਵਪਾਰ ਸਮਝੌਤਿਆਂ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਜਿਹੇ ਸਮਝੌਤਿਆਂ ਨਾਲ ਭਾਰਤੀ ਖੇਤੀ ‘ਤੇ ਬਾਹਰੀ ਦਬਾਅ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਇਤਿਹਾਸਕ ਅੰਦੋਲਨ ਰਾਹੀਂ ਸ਼ਾਂਤਮਈ ਵਿਰੋਧ ਦਾ ਰਸਤਾ ਦਿਖਾਇਆ ਹੈ। ਖੇਤੀਬਾੜੀ ਨਾਲ ਜੁੜੇ ਕਿਸੇ ਵੀ ਅੰਤਰਰਾਸ਼ਟਰੀ ਸਮਝੌਤੇ ‘ਤੇ ਸੰਸਦ, ਰਾਜ ਸਰਕਾਰਾਂ ਅਤੇ ਕਿਸਾਨ ਭਾਈਚਾਰੇ ਨਾਲ ਪਾਰਦਰਸ਼ੀ ਢੰਗ ਨਾਲ ਚਰਚਾ ਕੀਤੀ ਜਾਣੀ ਚਾਹੀਦੀ ਹੈ। ਸਮਾਪਤੀ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਦੀਆਂ ਸਾਰੀਆਂ ਲੋਕਤੰਤਰੀ ਤਾਕਤਾਂ ਨੂੰ ਰਾਜਨੀਤਿਕ ਮਤਭੇਦਾਂ ਤੋਂ ਉੱਪਰ ਉੱਠ ਕੇ ਵੋਟ ਦੀ ਪਵਿੱਤਰਤਾ, ਸੰਵਿਧਾਨਕ ਸੰਸਥਾਵਾਂ ਦੀ ਆਜ਼ਾਦੀ ਅਤੇ ਦੇਸ਼ ਦੇ ਸੰਵਿਧਾਨ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।
