ਨਸ਼ਿਆਂ ਦੇ ਹੌਟ-ਸਪੌਟ ਸਥਾਨਾਂ ਦੀ ਕਰਵਾਈ ਸਫ਼ਾਈ, ਪਾਣੀ ਵਾਲੀ ਟੈਂਕੀ ਦੀ ਨਿਗਰਾਨੀ ਲਈ ਵਿਅਕਤੀ ਕੀਤਾ ਨਿਯੁਕਤ
ਨਸ਼ਾ ਵੇਚਣ ਜਾਂ ਕਰਨ ਵਾਲਿਆਂ ਦੀ ਸੂਚਨਾ ਹੈਲਪਲਾਈਨ ਨੰਬਰ 9779100200 ’ਤੇ ਦੇਣ ਦੀ ਅਪੀਲ
ਪਟਿਆਲਾ, 5 ਨਵੰਬਰ(ਹਰਸ਼ਪ੍ਰੀਤ ਕੌਰ): ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ ਡਵੀਜ਼ਨ ਸਮਾਣਾ ਦੇ ਨਸ਼ਿਆਂ ਦੇ ਹੌਟ-ਸਪੌਟ ਖੇਤਰ ਪਿੰਡ ਮਰੌੜੀ ਵਿਖੇ ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਕੈਂਪ ਦੌਰਾਨ ਪਿੰਡ ਮਰੌੜੀ ਦੇ ਉਨ੍ਹਾਂ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕਰਵਾਈ ਗਈ, ਜਿੱਥੇ ਨਸ਼ੇ ਦੇ ਆਦੀ ਵਿਅਕਤੀ ਇਕੱਠੇ ਹੋ ਕੇ ਨਸ਼ੇ ਦਾ ਸੇਵਨ ਕਰਦੇ ਸਨ। ਇਨ੍ਹਾਂ ਵਿੱਚ ਸ਼ਮਸ਼ਾਨਘਾਟ ਅਤੇ ਪਾਣੀ ਵਾਲੀ ਟੈਂਕੀ ਸਮੇਤ ਹੋਰ ਥਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਪਾਣੀ ਵਾਲੀ ਟੈਂਕੀ ਵਾਲੇ ਸਥਾਨ ’ਤੇ ਨਿਗਰਾਨੀ ਰੱਖਣ ਲਈ ਇੱਕ ਵਿਅਕਤੀ ਦੀ ਨਿਯੁਕਤੀ ਵੀ ਕੀਤੀ ਗਈ, ਤਾਂ ਜੋ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 9779100200 ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਾ ਵੇਚਣ ਜਾਂ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਇਸ ਨੰਬਰ ’ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਐਸ.ਡੀ.ਐਮ. ਰਿਚਾ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਇਸ ਵਿੱਚੋਂ ਬਾਹਰ ਕੱਢਣ ਲਈ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਪਿੰਡ ਵਾਸੀਆਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।
