ਚੰਡੀਗੜ੍ਹ, 19 ਅਗਸਤ 2026 (ਹਰਸ਼ਪ੍ਰੀਤ ਕੌਰ) : ਕੈਚਮੈਂਟ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਘੱਗਰ ਅਤੇ ਟਾਂਗਰੀ ਦਰਿਆਵਾਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਪਾਣੀ ਦਾ ਵਧਦਾ ਪੱਧਰ ਦਰਿਆਵਾਂ ਦੇ ਨੇੜਲੇ ਇਲਾਕਿਆਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਉੱਚੇ ਖੇਤਰਾਂ ਵਿੱਚ ਵੀ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਜਾਣਕਾਰੀ ਮੁਤਾਬਕ, ਮੰਗਲਵਾਰ ਦੇਰ ਰਾਤ ਟਾਂਗਰੀ ਦਰਿਆ ਦਾ ਪਾਣੀ ਲਗਭਗ 9 ਫੁੱਟ ਤੱਕ ਪਹੁੰਚ ਗਿਆ ਸੀ। ਇਸੇ ਤਰ੍ਹਾਂ ਡੇਰਾਬੱਸੀ ਖੇਤਰ ਦੇ ਮੁਬਾਰਕਪੁਰ ਨੇੜੇ ਘੱਗਰ ਦਰਿਆ ਦਾ ਪਾਣੀ ਵੀ ਚਿੰਤਾਜਨਕ ਪੱਧਰ ’ਤੇ ਵਹਿ ਰਿਹਾ ਸੀ। ਲਗਾਤਾਰ ਮੀਂਹ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਦਰਿਆਵਾਂ ਦੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਨੂੰ ਦਰਿਆਵਾਂ ਅਤੇ ਨੀਵੇਂ ਇਲਾਕਿਆਂ ਦੇ ਨੇੜੇ ਜਾਣ ਤੋਂ ਬਚਣ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
