ਪਟਿਆਲਾ, 8 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦਾ ਸਵਾਗਤ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਸ ਫੈਸਲੇ ਨਾਲ ਚੋਣ ਪ੍ਰਕਿਰਿਆ ਨੂੰ ਲੈ ਕੇ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਸੁਪਰੀਮ ਕੋਰਟ ਨੇ ਪਟਿਆਲਾ ਦੀਆਂ 28 ਸਮੇਤ ਪੰਜਾਬ ਦੀਆਂ 50 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਜੀਤ ਪਾਲ ਕੋਹਲੀ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਧੱਕੇਸ਼ਾਹੀ ਵਾਲੀ ਰਾਜਨੀਤੀ ਦੀ ਪਿਰਤ ਮੋਤੀ ਮਹਿਲਾਂ ਵਾਲਿਆਂ ਵੱਲੋਂ ਪਾਈ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਤੋਂ ਦੂਰੀ ਬਣਾਈ ਰੱਖਣ ਵਾਲੀ ਰਾਜਨੀਤੀ ਕੀਤੀ ਜਾਂਦੀ ਰਹੀ, ਪਰ ਅੱਜ ਉਹ ਲੋਕਾਂ ਦੀ ਕਚਹਿਰੀ ਵਿੱਚ ਆਪਣੀ ਗਵਾਚੀ ਹੋਈ ਸਿਆਸੀ ਛਵੀ ਨੂੰ ਲੱਭਣ ਲਈ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਜਦੋਂ ਵੀ ਮੁੜ ਚੋਣਾਂ ਦਾ ਸ਼ਡਿਊਲ ਨਿਰਧਾਰਤ ਕੀਤਾ ਜਾਵੇਗਾ, ਆਮ ਆਦਮੀ ਪਾਰਟੀ ਵੱਲੋਂ ਉਸ ਮੁਤਾਬਕ ਆਪਣੇ ਸੇਵਾਦਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਟਿਕਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੋਹਲੀ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਅਤੇ ਟਿਕਟਾਂ ਦੀ ਵੰਡ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਹਾਈ ਕਮਾਂਡ ਵੱਲੋਂ ਕੀਤਾ ਜਾਵੇਗਾ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪਟਿਆਲਾ ਨਗਰ ਨਿਗਮ ਦੀਆਂ 28 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਇਹ ਪ੍ਰਕਿਰਿਆ ਛੇ ਹਫ਼ਤਿਆਂ ਦੇ ਅੰਦਰ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।







