ਚੰਡੀਗੜ੍ਹ, 13 ਅਕਤੂਬਰ 2026 (ਸ਼ਹੀਦ-ਏ-ਆਜ਼ਮ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਕਦਮ ਚੁੱਕੇਗੀ। ਕੌਮੀ ਇਨਸਾਫ਼ ਮੋਰਚੇ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਇਸ ਮਾਮਲੇ ਦੇ ਜਲਦ ਹੱਲ ਲਈ ਯਤਨ ਜਾਰੀ ਰੱਖਣ ਦਾ ਭਰੋਸਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦੇਣ ਦੀ ਸੂਰਤ ਵਿੱਚ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਦਾ ਭਰੋਸਾ ਕੇਂਦਰ ਸਰਕਾਰ ਅਤੇ ਰਾਜਪਾਲ ਨੂੰ ਦਿੱਤਾ ਹੈ, ਪਰ ਹਾਲੇ ਤੱਕ ਪੈਰੋਲ ਮਨਜ਼ੂਰ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਹ ਬੁੜੈਲ ਜੇਲ੍ਹ ਵਿੱਚ ਬੰਦ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦਾ ਮਾਮਲਾ ਵੀ ਪੰਜਾਬ ਦੇ ਰਾਜਪਾਲ ਕੋਲ ਉਠਾਉਣਗੇ, ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਮਾਨ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਐਡਵੋਕੇਟ ਜਨਰਲ ਨੂੰ ਸਬੰਧਤ ਮਾਮਲਿਆਂ ਦੀ ਕਾਨੂੰਨੀ ਸਮੀਖਿਆ ਕਰਨ ਲਈ ਕਿਹਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
