Homeਪੰਜਾਬਪੰਜਾਬ ਵਿੱਚ 7-8 ਅਕਤੂਬਰ ਨੂੰ ਮੌਸਮ ਲਵੇਗਾ ਕਰਵਟ, ਕਈ ਜ਼ਿਲ੍ਹਿਆਂ ਲਈ ਮੀਂਹ...

ਪੰਜਾਬ ਵਿੱਚ 7-8 ਅਕਤੂਬਰ ਨੂੰ ਮੌਸਮ ਲਵੇਗਾ ਕਰਵਟ, ਕਈ ਜ਼ਿਲ੍ਹਿਆਂ ਲਈ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

Punjab Weather to Change from October 7; Rain, Thunderstorms and Strong Winds Expected in Several Districts

ਚੰਡੀਗੜ੍ਹ, 5 ਅਕਤੂਬਰ 2026 (ਛਤਰਪਾਲ ਸਿੰਘ): ਪੰਜਾਬ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 7 ਅਤੇ 8 ਅਕਤੂਬਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾ ਪੱਧਰੀ ਅਨੁਮਾਨ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਇਸ ਤੋਂ ਬਾਅਦ 7 ਅਕਤੂਬਰ ਤੋਂ ਮੌਸਮ ਵਿੱਚ ਬਦਲਾਅ ਆ ਸਕਦਾ ਹੈ।

7 ਅਕਤੂਬਰ ਨੂੰ 8 ਜ਼ਿਲ੍ਹਿਆਂ ਲਈ ਯੈਲੋ ਅਲਰਟ

7 ਅਕਤੂਬਰ ਨੂੰ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਦੂਜੇ ਪਾਸੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਲੁਧਿਆਣਾ ਸਮੇਤ ਕੁਝ ਹੋਰ ਜ਼ਿਲ੍ਹਿਆਂ ਵਿੱਚ ਇਸ ਦਿਨ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

8 ਅਕਤੂਬਰ ਨੂੰ ਹੋਰ ਇਲਾਕਿਆਂ ਵਿੱਚ ਮੀਂਹ ਦੇ ਆਸਾਰ

8 ਅਕਤੂਬਰ ਨੂੰ ਮੌਸਮ ਵਿੱਚ ਬਦਲਾਅ ਦਾ ਪ੍ਰਭਾਵ ਪੰਜਾਬ ਦੇ ਉੱਤਰੀ, ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਵਧੇਰੇ ਦੇਖਣ ਨੂੰ ਮਿਲ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਵਿੱਚ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਹਾਲਾਂਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਮੋਗਾ ਅਤੇ ਫਰੀਦਕੋਟ ਲਈ 8 ਅਕਤੂਬਰ ਨੂੰ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਵਿੱਚ ਇਸ ਤਬਦੀਲੀ ਕਾਰਨ ਤਾਪਮਾਨ ਵਿੱਚ ਵੀ ਕੁਝ ਕਮੀ ਆਉਣ ਦੀ ਸੰਭਾਵਨਾ ਹੈ। ਲੋਕਾਂ ਅਤੇ ਕਿਸਾਨਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਹੋਣ ਵਾਲੇ ਤਾਜ਼ਾ ਅਪਡੇਟਾਂ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments