ਕੋਲਕਾਤਾ, 25 ਨਵੰਬਰ, 2026 (ਛਤਰਪਾਲ ਸਿੰਘ ) : ਪੱਛਮੀ ਬੰਗਾਲ ਸਰਕਾਰ ਨੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਥਿਕ ਸਹਾਰਾ ਦੇਣ ਲਈ ਨਵੀਂ ‘ਭਰੋਸਾ ਕਰਮਸੂਚੀ’ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਯੋਜਨਾ ਤਹਿਤ ਯੋਗ ਨੌਜਵਾਨਾਂ ਨੂੰ ਹਰ ਮਹੀਨੇ 1,500 ਤੋਂ 2,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਅਨੁਸਾਰ ਇਹ ਯੋਜਨਾ ਜਨਵਰੀ ਮਹੀਨੇ ਤੋਂ ਲਾਗੂ ਕੀਤੀ ਜਾਵੇਗੀ। ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਵੋਕੇਸ਼ਨਲ ਸੰਸਥਾਵਾਂ ਅਤੇ ਆਈ.ਟੀ.ਆਈ. ਤੋਂ ਪੜ੍ਹਾਈ ਪੂਰੀ ਕਰ ਚੁੱਕੇ ਗ੍ਰੈਜੂਏਟ ਅਤੇ ਡਿਪਲੋਮਾ ਧਾਰਕ ਬੇਰੁਜ਼ਗਾਰ ਨੌਜਵਾਨਾਂ ਨੂੰ 2,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸੇ ਤਰ੍ਹਾਂ ਬੇਰੁਜ਼ਗਾਰ ਗੈਰ-ਗ੍ਰੈਜੂਏਟ ਨੌਜਵਾਨਾਂ ਲਈ 1,500 ਰੁਪਏ ਮਹੀਨਾਵਾਰ ਸਹਾਇਤਾ ਦਾ ਪ੍ਰਬੰਧ ਕੀਤਾ ਗਿਆ ਹੈ।
ਸਰਕਾਰ ਨੇ ਭਵਿੱਖ ਵਿੱਚ ਇਸ ਰਾਸ਼ੀ ਨੂੰ ਹੋਰ ਵਧਾਉਣ ਦੀ ਵੀ ਯੋਜਨਾ ਬਣਾਈ ਹੈ। ਐਲਾਨ ਮੁਤਾਬਕ ਵਿੱਤੀ ਸਾਲ 2028-29 ਤੋਂ ਗ੍ਰੈਜੂਏਟ ਅਤੇ ਡਿਪਲੋਮਾ ਧਾਰਕਾਂ ਲਈ ਮਹੀਨਾਵਾਰ ਭੱਤਾ ਵਧਾ ਕੇ 3,000 ਰੁਪਏ ਕਰ ਦਿੱਤਾ ਜਾਵੇਗਾ, ਜਦਕਿ ਗੈਰ-ਗ੍ਰੈਜੂਏਟ ਨੌਜਵਾਨਾਂ ਨੂੰ 2,000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦਾ ਲਾਭ ਲੈਣ ਲਈ ਉਮੀਦਵਾਰ ਦੀ ਉਮਰ 21 ਤੋਂ 45 ਸਾਲ ਦੇ ਵਿਚਕਾਰ ਹੋਣੀ ਲਾਜ਼ਮੀ ਹੋਵੇਗੀ। ਇਸ ਨਵੀਂ ਯੋਜਨਾ ਰਾਹੀਂ ਸਰਕਾਰ ਦਾ ਉਦੇਸ਼ ਰੁਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਆਰਥਿਕ ਸਹਾਇਤਾ ਦੇਣਾ ਹੈ, ਤਾਂ ਜੋ ਉਹ ਨੌਕਰੀ ਜਾਂ ਰੁਜ਼ਗਾਰ ਦੇ ਹੋਰ ਮੌਕੇ ਹਾਸਲ ਕਰਨ ਤੱਕ ਆਪਣੀਆਂ ਬੁਨਿਆਦੀ ਲੋੜਾਂ ਪੂਰੀਆਂ ਕਰ ਸਕਣ। ਜ਼ਿਕਰਯੋਗ ਹੈ ਕਿ ‘ਭਰੋਸਾ ਕਰਮਸੂਚੀ’ ਨੇ ਪਿਛਲੀ ਤ੍ਰਿਣਮੂਲ ਕਾਂਗਰਸ ਸਰਕਾਰ ਦੀ ‘ਯੁਵਾਸਾਥੀ ਯੋਜਨਾ’ ਦੀ ਥਾਂ ਲਈ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭ ਪ੍ਰਾਪਤ ਕਰਨ ਲਈ ਕੁਝ ਸਮਾਂ ਉਡੀਕ ਕਰਨ ਦੀ ਅਪੀਲ ਕੀਤੀ ਹੈ।






