Homeਪੰਜਾਬਕੈਨੇਡਾ ’ਚ ਵਰਕ ਪਰਮਿਟ ਰੱਦ, 1,500 ਪੰਜਾਬੀ ਵਿਦਿਆਰਥੀ ਪ੍ਰਭਾਵਿਤ

ਕੈਨੇਡਾ ’ਚ ਵਰਕ ਪਰਮਿਟ ਰੱਦ, 1,500 ਪੰਜਾਬੀ ਵਿਦਿਆਰਥੀ ਪ੍ਰਭਾਵਿਤ

Punjab raises concern as nearly 1,500 Punjabi students face post-study work permit refusals in Canada.

ਚੰਡੀਗੜ੍ਹ, 8 ਅਗਸਤ, 2026 (ਹਰਸ਼ਪ੍ਰੀਤ ਕੌਰ) : ਕੈਨੇਡਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਪੋਸਟ-ਸਟਡੀ ਵਰਕ ਪਰਮਿਟ ਨਾ ਮਿਲਣ ਕਾਰਨ ਪੰਜਾਬੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਚਿੰਤਾ ਜ਼ਾਹਰ ਕੀਤੀ ਹੈ। ਪੰਜਾਬ ਦੇ NRI ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਲਗਭਗ 1,500 ਵਿਦਿਆਰਥੀ ਇਸ ਸਮੱਸਿਆ ਨਾਲ ਪ੍ਰਭਾਵਿਤ ਹੋਏ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੇ ਮਾਮਲੇ ’ਤੇ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵੀ ਇਹ ਮੁੱਦਾ ਉਠਾਇਆ ਅਤੇ ਬਾਅਦ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੱਤੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਉਠਾਇਆ ਜਾਵੇ, ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ। ਮੰਤਰੀ ਮੁਤਾਬਕ ਕਈ ਪੰਜਾਬੀ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਪੜ੍ਹਾਈ ਲਈ ਵੱਡੀ ਰਕਮ ਖਰਚ ਕੀਤੀ ਸੀ। ਉਨ੍ਹਾਂ ਨੂੰ ਉਮੀਦ ਸੀ ਕਿ ਦੋ ਸਾਲਾਂ ਦਾ ਅਕਾਦਮਿਕ ਪ੍ਰੋਗਰਾਮ ਸਫਲਤਾਪੂਰਵਕ ਪੂਰਾ ਕਰਨ ਤੋਂ ਬਾਅਦ ਉਹ ਪੋਸਟ-ਸਟਡੀ ਵਰਕ ਪਰਮਿਟ ਲਈ ਯੋਗ ਹੋਣਗੇ। ਪਰ ਵਰਕ ਪਰਮਿਟਾਂ ਦੀਆਂ ਵੱਡੀ ਗਿਣਤੀ ਵਿੱਚ ਹੋ ਰਹੀਆਂ ਰੱਦੀਆਂ ਕਾਰਨ ਵਿਦਿਆਰਥੀਆਂ ਨੂੰ ਵਿੱਤੀ, ਕਾਨੂੰਨੀ ਅਤੇ ਮਾਨਸਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਈ ਪ੍ਰਭਾਵਿਤ ਵਿਦਿਆਰਥੀ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਚੁੱਕੇ ਹਨ ਅਤੇ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਹੈ। ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਈ ਵਿਦਿਆਰਥੀਆਂ ਨੇ ਕੈਨੇਡਾ ਦੀ ਫੈਡਰਲ ਕੋਰਟ ਵਿੱਚ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਪ੍ਰਭਾਵਿਤ ਵਿਦਿਆਰਥੀਆਂ ਲਈ ਸਾਂਝੀ ਕਾਨੂੰਨੀ ਨੁਮਾਇੰਦਗੀ ਦੀ ਸੰਭਾਵਨਾ ’ਤੇ ਵੀ ਵਿਚਾਰ ਕਰ ਸਕਦੀ ਹੈ। ਇਸ ਲਈ ਯੋਗ ਕਾਨੂੰਨੀ ਮਾਹਿਰਾਂ ਦੀਆਂ ਸੇਵਾਵਾਂ ਲੈ ਕੇ ਵਿਦਿਆਰਥੀਆਂ ’ਤੇ ਪੈਣ ਵਾਲਾ ਵਿੱਤੀ ਬੋਝ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਕੈਨੇਡਾ ਵਿੱਚ ਵੱਸਦੇ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਸ ਮਾਮਲੇ ਨੂੰ ਮਨੁੱਖੀ ਮੁੱਦੇ ਵਜੋਂ ਕੈਨੇਡਾ ਸਰਕਾਰ ਦੇ ਸਾਹਮਣੇ ਇਕਜੁੱਟ ਹੋ ਕੇ ਉਠਾਉਣ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨਾਲ ਤਾਲਮੇਲ ਕਰਕੇ ਇਸ ਸਮੱਸਿਆ ਦਾ ਹੱਲ ਲੱਭਣ ਲਈ ਯਤਨ ਜਾਰੀ ਰਹਿਣਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments