Home ਪੰਜਾਬ ਪਤਨੀ ਤੇ ਸਹੁਰਿਆਂ ਤੋਂ ਪਰੇਸ਼ਾਨ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਹਾਈਵੇ ’ਤੇ...

ਪਤਨੀ ਤੇ ਸਹੁਰਿਆਂ ਤੋਂ ਪਰੇਸ਼ਾਨ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਹਾਈਵੇ ’ਤੇ ਧਰਨਾ

Family stages protest on Moga-Kotkapura Highway, demanding arrest of five accused in Akashdeep Singh death case.

0

ਮੋਗਾ-ਕੋਟਕਪੂਰਾ ਹਾਈਵੇ ਜਾਮ ਕਰਕੇ ਪੰਜ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ

ਮੋਗਾ, 15 ਸਤੰਬਰ, 2026 (ਲਛਮਣਜੀਤ ਸਿੰਘ ਪੁਰਬਾ) : ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤੇ ਜਾਣ ਤੋਂ ਬਾਅਦ ਇੱਕ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਜ ਦੌਰਾਨ ਨੌਜਵਾਨ ਦੀ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਮੌਤ ਤੋਂ ਬਾਅਦ ਪਰਿਵਾਰ ਨੇ ਮੋਗਾ-ਕੋਟਕਪੂਰਾ ਮੁੱਖ ਹਾਈਵੇ ’ਤੇ ਧਰਨਾ ਲਗਾ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਰੀਬ ਇੱਕ ਸਾਲ ਪਹਿਲਾਂ ਪਾਇਲ ਨਾਮ ਦੀ ਲੜਕੀ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਪਾਇਲ ਦੇ ਪਰਿਵਾਰ ਵੱਲੋਂ ਆਕਾਸ਼ਦੀਪ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕੀਤਾ ਜਾਣ ਲੱਗਾ ਅਤੇ ਉਸ ’ਤੇ ਆਪਣੇ ਪਰਿਵਾਰ ਤੋਂ ਅਲੱਗ ਰਹਿਣ ਲਈ ਦਬਾਅ ਬਣਾਇਆ ਜਾ ਰਿਹਾ ਸੀ।

ਪਰਿਵਾਰ ਮੁਤਾਬਕ, ਇਸੇ ਪਰੇਸ਼ਾਨੀ ਦੇ ਚਲਦਿਆਂ 17 ਅਗਸਤ ਨੂੰ ਆਕਾਸ਼ਦੀਪ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕਰੀਬ 20-25 ਦਿਨ ਇਲਾਜ ਚੱਲਣ ਤੋਂ ਬਾਅਦ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਉਸ ਨੇ ਦਮ ਤੋੜ ਦਿੱਤਾ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਮੋਗਾ-ਕੋਟਕਪੂਰਾ ਮੁੱਖ ਮਾਰਗ ’ਤੇ ਧਰਨਾ ਲਗਾ ਦਿੱਤਾ। ਪਰਿਵਾਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਇਸ ਮਾਮਲੇ ਸਬੰਧੀ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਵੱਲੋਂ ਜ਼ਹਿਰੀਲੀ ਦਵਾਈ ਨਿਗਲਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪਤਨੀ ਪਾਇਲ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਮੁਤਾਬਕ, ਪਾਇਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਚਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂ ਖੰਡਨ ਅਦਾਲਤੀ ਕਾਰਵਾਈ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗਾ। ਮਾਮਲੇ ਨੂੰ ਲੈ ਕੇ ਹਾਈਵੇ ’ਤੇ ਲੱਗੇ ਧਰਨੇ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।

 

 

Exit mobile version