ਪਟਿਆਲਾ, 21 ਜੁਲਾਈ: (ਬਲਜੀਤ ਸਰਨਾ) ਪਟਿਆਲਾ ਵਿੱਚ ਮ੍ਰਿਤਕ ਸੰਘਰਸ਼ ਕਮੇਟੀ ਵੱਲੋਂ ਪਿਛਲੇ 48 ਦਿਨਾਂ ਤੋਂ ਚੱਲ ਰਿਹਾ ਧਰਨਾ ਮੰਗਲਵਾਰ ਨੂੰ ਉਸ ਸਮੇਂ ਨਵੇਂ ਪੜਾਅ ‘ਚ ਦਾਖਲ ਹੋ ਗਿਆ, ਜਦੋਂ ਕਮੇਟੀ ਦੇ ਕੁਝ ਨੌਜਵਾਨ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਕਾਲੀ ਮਾਤਾ ਮੰਦਰ ਨੇੜੇ ਸਥਿਤ ਬੀਐਸਐਨਐਲ ਦੇ ਉੱਚੇ ਟਾਵਰ ‘ਤੇ ਚੜ੍ਹ ਗਏ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਲਚਲ ਮਚ ਗਈ ਅਤੇ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਤੁਰੰਤ ਉੱਥੇ ਪਹੁੰਚ ਗਏ।
ਜ਼ਿਕਰਯੋਗ ਹੈ ਕਿ ਮ੍ਰਿਤਕ ਸੰਘਰਸ਼ ਕਮੇਟੀ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਪਿਛਲੇ 48 ਦਿਨਾਂ ਤੋਂ ਲਗਾਤਾਰ ਧਰਨਾ ਦੇ ਰਹੀ ਹੈ। ਕਮੇਟੀ ਦੀ ਮੰਗ ਹੈ ਕਿ ਬਿਜਲੀ ਵਿਭਾਗ ਵਿੱਚ ਡਿਊਟੀ ਦੌਰਾਨ ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਵਾਅਦੇ ਅਨੁਸਾਰ ਪੱਕੀ ਨੌਕਰੀ ਅਤੇ ਐਲਾਨਿਆ ਗਿਆ ਮੁਆਵਜ਼ਾ ਤੁਰੰਤ ਦਿੱਤਾ ਜਾਵੇ।
ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਕਈ ਵਾਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਕੋਲ ਆਪਣੀਆਂ ਮੰਗਾਂ ਰੱਖਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨਾ ਪਿਆ।
ਟਾਵਰ ‘ਤੇ ਚੜ੍ਹੇ ਨੌਜਵਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਟਾਵਰ ‘ਤੇ ਚੜ੍ਹੇ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਹੇਠਾਂ ਉਤਾਰਨ ਅਤੇ ਮਾਮਲੇ ਦਾ ਸ਼ਾਂਤੀਪੂਰਵਕ ਹੱਲ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।
ਕਮੇਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।








