Home ਪੰਜਾਬ ਪੇਪਰ ਲੀਕ ਨਾਲ ਨੌਜਵਾਨਾਂ ਦਾ ਭਵਿੱਖ ਦਾਅ ‘ਤੇ, ਕੇਂਦਰ ਤੇ ਪੰਜਾਬ ਸਰਕਾਰਾਂ...

ਪੇਪਰ ਲੀਕ ਨਾਲ ਨੌਜਵਾਨਾਂ ਦਾ ਭਵਿੱਖ ਦਾਅ ‘ਤੇ, ਕੇਂਦਰ ਤੇ ਪੰਜਾਬ ਸਰਕਾਰਾਂ ਨਾਕਾਮ: ਹਰੀ ਸਿੰਘ ਖਾਈ

0

ਕਾਂਗਰਸ ਨੇ NEET ਤੋਂ ਲੈ ਕੇ ਪੰਜਾਬ ਦੀਆਂ ਭਰਤੀ ਅਤੇ ਬੋਰਡ ਪ੍ਰੀਖਿਆਵਾਂ ਦੇ ਪੇਪਰ ਲੀਕ ਮਾਮਲਿਆਂ ‘ਤੇ ਚੁੱਕੇ ਸਵਾਲ

ਮੋਗਾ, 22 ਜੁਲਾਈ (ਲਛਮਣ ਜੀਤ ਸਿੰਘ ਪੁਰਬਾ) : ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਹੀ ਨੌਜਵਾਨਾਂ ਨੂੰ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ NEET ਪੇਪਰ ਲੀਕ ਮਾਮਲੇ ਨੇ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਦਾ ਭਰੋਸਾ ਤੋੜਿਆ ਅਤੇ ਇਸ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੂੰ ਸੜਕਾਂ ‘ਤੇ ਉਤਰਨਾ ਪਿਆ।

ਉਨ੍ਹਾਂ ਦਾਅਵਾ ਕੀਤਾ ਕਿ NEET ਵਿਵਾਦ ਤੋਂ ਬਾਅਦ ਕਈ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ, ਜੋ ਸਿੱਖਿਆ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰੀਖਿਆ ਦਾ ਮਾਮਲਾ ਨਹੀਂ, ਸਗੋਂ ਲੱਖਾਂ ਪਰਿਵਾਰਾਂ ਦੇ ਸੁਪਨਿਆਂ ਨਾਲ ਜੁੜਿਆ ਹੋਇਆ ਮੁੱਦਾ ਹੈ।

ਹਰੀ ਸਿੰਘ ਖਾਈ ਨੇ ਕਿਹਾ ਕਿ ਪੰਜਾਬ ਵਿੱਚ ਵੀ ਫਾਰਮਾਸਿਸਟ ਭਰਤੀ ਪ੍ਰੀਖਿਆ, ਬਾਰ੍ਹਵੀਂ ਜਮਾਤ ਦੀ ਅੰਗਰੇਜ਼ੀ ਪ੍ਰੀਖਿਆ, PSTET ਅਤੇ ਗਰੁੱਪ-ਬੀ ਪੇਪਰ ਲੀਕ ਵਰਗੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਗਰੁੱਪ-ਬੀ ਪੇਪਰ ਲੀਕ ਮਾਮਲੇ ਨੂੰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਠੋਸ ਜਾਂਚ ਸਾਹਮਣੇ ਨਹੀਂ ਆਈ।

ਕਾਂਗਰਸ ਆਗੂ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਵਿਦਿਆਰਥੀ ਆਪਣੇ ਹੱਕਾਂ ਲਈ ਧਰਨੇ ਦੇ ਰਹੇ ਹਨ, ਉੱਥੇ ਉਨ੍ਹਾਂ ਨੂੰ ਇਨਸਾਫ਼ ਦੀ ਬਜਾਏ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਦਾ ਰਵੱਈਆ ਇੱਕੋ ਜਿਹਾ ਹੈ—ਪਹਿਲਾਂ ਪੇਪਰ ਲੀਕ ਹੁੰਦੇ ਹਨ, ਫਿਰ ਸਰਕਾਰਾਂ ਚੁੱਪ ਰਹਿੰਦੀਆਂ ਹਨ ਅਤੇ ਆਖ਼ਰ ਵਿੱਚ ਵਿਦਿਆਰਥੀਆਂ ਨੂੰ ਹੀ ਸੰਘਰਸ਼ ਕਰਨਾ ਪੈਂਦਾ ਹੈ।

ਹਰੀ ਸਿੰਘ ਖਾਈ ਨੇ ਮੰਗ ਕੀਤੀ ਕਿ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ।

Exit mobile version