1 ਦਸੰਬਰ ਤੋਂ ਕਾਰਜਸ਼ੀਲ ਹੋਵੇਗੀ ਟੋਲ-ਫ੍ਰੀ ਹੈਲਪਲਾਈਨ, ਨਸ਼ਿਆਂ ਦੀ ਵਿਕਰੀ ਜਾਂ ਵਰਤੋਂ ਸਬੰਧੀ ਨਾਗਰਿਕ ਕਰ ਸਕਣਗੇ ਸ਼ਿਕਾਇਤ
ਅਹਿਮਦਾਬਾਦ, 10 ਨਵੰਬਰ, 2026 (ਛਤਰਪਾਲ ਸਿੰਘ ): ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਨੂੰ ਦਸੰਬਰ 2028 ਤੱਕ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਲੋਕਾਂ ਨੂੰ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੇ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ। ਅਹਿਮਦਾਬਾਦ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 1033 ਨੰਬਰ ‘ਤੇ ਟੋਲ-ਫ੍ਰੀ ਹੈਲਪਲਾਈਨ ਅਤੇ ਕੰਟਰੋਲ ਰੂਮ 1 ਦਸੰਬਰ 2026 ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਆਮ ਨਾਗਰਿਕਾਂ, ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਵਿਕਰੀ ਜਾਂ ਵਰਤੋਂ ਸਬੰਧੀ ਕਿਸੇ ਵੀ ਘਟਨਾ ਦੀ ਜਾਣਕਾਰੀ 1 ਦਸੰਬਰ ਤੋਂ 1033 ਨੰਬਰ ‘ਤੇ ਦੇਣ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਮਦਦ ਮਿਲੇਗੀ।
ਅਹਿਮਦਾਬਾਦ ਨੂੰ 1,400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਤਿਉਹਾਰਾਂ ਦੇ ਸੀਜ਼ਨ ਅਤੇ ਨਵੇਂ ਸਾਲ ਤੋਂ ਪਹਿਲਾਂ ਅਮਿਤ ਸ਼ਾਹ ਨੇ ਅਹਿਮਦਾਬਾਦ ਦੇ ਲੋਕਾਂ ਨੂੰ ਜਨਤਕ ਸਹੂਲਤਾਂ ਅਤੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵਾਲੇ ਕਈ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਉਨ੍ਹਾਂ ਨੇ ਅਹਿਮਦਾਬਾਦ ਨਗਰ ਨਿਗਮ ਅਤੇ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਵੱਲੋਂ ਗਾਂਧੀਨਗਰ ਲੋਕ ਸਭਾ ਹਲਕੇ ਵਿੱਚ 1,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਲਗਭਗ 30 ਲੋਕ ਭਲਾਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਇੰਚਾਰਜ ਮੰਤਰੀ ਰਿਸ਼ੀਕੇਸ਼ ਪਟੇਲ, ਸ਼ਹਿਰੀ ਵਿਕਾਸ ਰਾਜ ਮੰਤਰੀ ਦਰਸ਼ਨਾ ਵਾਘੇਲਾ, ਮੇਅਰ ਹਿਤੇਸ਼ ਬਾਰੋਟ, ਸੰਸਦ ਮੈਂਬਰ ਹਸਮੁਖ ਪਟੇਲ ਅਤੇ ਦਿਨੇਸ਼ ਮਕਵਾਨਾ ਸਮੇਤ ਕਈ ਆਗੂ ਮੌਜੂਦ ਸਨ।
9 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਮਿਲਣਗੇ ਮਕਾਨ, 16 ਦੁਕਾਨਾਂ ਦੀ ਵੀ ਅਲਾਟਮੈਂਟ
ਅਮਿਤ ਸ਼ਾਹ ਨੇ ਵਡਾਜ਼ ਇਲਾਕੇ ਦੇ ਰਾਮਾਪੀਰ ਨੋ ਟੇਕਰਾ ਝੁੱਗੀ-ਬਸਤੀ ਦੇ ਵਸਨੀਕਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਗਏ ਪੱਕੇ ਮਕਾਨਾਂ ਸਮੇਤ 9 ਹਜ਼ਾਰ ਤੋਂ ਵੱਧ ਮਕਾਨਾਂ ਅਤੇ 16 ਦੁਕਾਨਾਂ ਦੀ ਅਲਾਟਮੈਂਟ ਲਈ ਕੰਪਿਊਟਰਾਈਜ਼ਡ ਡਰਾਅ ਕੱਢਿਆ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਮਕਾਨਾਂ ਦੀਆਂ ਚਾਬੀਆਂ ਵੀ ਸੌਂਪੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਝੁੱਗੀਆਂ ਦੀ ਥਾਂ ਪੱਕੇ ਮਕਾਨ ਮੁਹੱਈਆ ਕਰਵਾਉਣ ਦੀ ਯੋਜਨਾ ਨੇ ਦੇਸ਼ ਦੇ ਲੱਖਾਂ ਗਰੀਬ ਪਰਿਵਾਰਾਂ ਦੇ ਜੀਵਨ ਵਿੱਚ ਨਵੀਂ ਉਮੀਦ ਪੈਦਾ ਕੀਤੀ ਹੈ।
ਇਸਕਾਨ-ਸਾਣੰਦ ਐਲੀਵੇਟਿਡ ਕੋਰੀਡੋਰ ਦਾ ਉਦਘਾਟਨ
ਅਮਿਤ ਸ਼ਾਹ ਨੇ ਲਗਭਗ 464 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਛੇ ਮਾਰਗੀ ਇਸਕਾਨ-ਸਾਣੰਦ ਐਲੀਵੇਟਿਡ ਕੋਰੀਡੋਰ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਐੱਸਜੀ ਹਾਈਵੇਅ ‘ਤੇ ਆਵਾਜਾਈ ਦਾ ਦਬਾਅ ਘਟਣ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਅਹਿਮਦਾਬਾਦ ਦੀਆਂ ਭਵਿੱਖੀ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਜਸਪੁਰ ਵਿਖੇ 200 ਐੱਮਐੱਲਡੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਅਤੇ 7.40 ਕਿਲੋਮੀਟਰ ਲੰਬੀ ਟਰੰਕ ਮੇਨ ਪਾਈਪਲਾਈਨ ਦਾ ਵੀ ਉਦਘਾਟਨ ਕੀਤਾ ਗਿਆ।
ਸਾਬਰਮਤੀ ਰਿਵਰਫਰੰਟ ‘ਤੇ ਬਣੇਗਾ ਟ੍ਰਾਪਿਕਲ ਫੋਰੈਸਟ
ਵਿਕਾਸ ਪ੍ਰੋਜੈਕਟਾਂ ਤਹਿਤ ਸਾਬਰਮਤੀ ਰਿਵਰਫਰੰਟ ਵਿਖੇ 62.31 ਕਰੋੜ ਰੁਪਏ ਦੀ ਲਾਗਤ ਨਾਲ ਟ੍ਰਾਪਿਕਲ ਫੋਰੈਸਟ ਵਿਕਸਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਪਾਰਕ, ਯੋਗਾ ਕਾਰਨਰ, ਡਰੇਨੇਜ ਨੈੱਟਵਰਕ, ਬੱਸ ਡਿਪੂ ਅਤੇ ਟਰਮੀਨਲ, ਝੁੱਗੀ-ਬਸਤੀ ਪੁਨਰ ਵਿਕਾਸ ਕਾਰਜ, ਰਾਈਜ਼ਿੰਗ ਮੇਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੰਪਿੰਗ ਸਟੇਸ਼ਨਾਂ ਨਾਲ ਸਬੰਧਤ ਪ੍ਰੋਜੈਕਟ ਵੀ ਸ਼ਾਮਲ ਹਨ। ਇਸ ਮੌਕੇ ਅਹਿਮਦਾਬਾਦ ਟੂਰਿਜ਼ਮ ਦਾ ਲੋਗੋ ਵੀ ਜਾਰੀ ਕੀਤਾ ਗਿਆ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ ਵਾਲੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਵਿਕਾਸ ਪ੍ਰੋਜੈਕਟਾਂ ਨੂੰ ਦੱਸਿਆ ਦੀਵਾਲੀ ਦਾ ਤੋਹਫ਼ਾ
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸਮਾਗਮ ਵਿੱਚ ਮੌਜੂਦ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਾਸ ਨੂੰ ਤਿਉਹਾਰ ਵਜੋਂ ਮਨਾਉਣ ਦੀ ਸ਼ੁਰੂ ਕੀਤੀ ਗਈ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਅਮਿਤ ਸ਼ਾਹ ਨੇ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਅਹਿਮਦਾਬਾਦ ਵਾਸੀਆਂ ਦੀ ਦੀਵਾਲੀ ਨੂੰ ਹੋਰ ਖ਼ਾਸ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸਕਾਨ-ਸਾਣੰਦ ਐਲੀਵੇਟਿਡ ਕੋਰੀਡੋਰ ਨਾਲ ਲੱਖਾਂ ਰੋਜ਼ਾਨਾ ਯਾਤਰੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਸੇ ਤਰ੍ਹਾਂ ਬੋਪਲ-ਘੁਮਾ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੰਪਿੰਗ ਸਟੇਸ਼ਨ ਦਾ ਕੰਮ ਸ਼ੁਰੂ ਹੋਣ ਨਾਲ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਰਹਿਨੁਮਾਈ ਹੇਠ ਦੇਸ਼ ਦੀ ਅੰਦਰੂਨੀ ਸੁਰੱਖਿਆ ਮਜ਼ਬੂਤ ਹੋਈ ਹੈ। ਧਾਰਾ 370 ਹਟਾਉਣ, ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਅਤੇ ਨਕਸਲਵਾਦ ਵਿਰੁੱਧ ਕਾਰਵਾਈ ਵਰਗੇ ਫ਼ੈਸਲਿਆਂ ਨੇ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਕੇਂਦਰੀ ਸਹਿਕਾਰਤਾ ਮੰਤਰੀ ਵਜੋਂ ਅਮਿਤ ਸ਼ਾਹ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਹਿਕਾਰਤਾ ਖੇਤਰ ਨਾਲ ਜੋੜ ਕੇ ਖੁਸ਼ਹਾਲੀ ਦੇ ਨਵੇਂ ਮੌਕੇ ਪੈਦਾ ਕੀਤੇ ਹਨ। ਸਮਾਗਮ ਦੌਰਾਨ ਮੇਅਰ ਹਿਤੇਸ਼ ਬਾਰੋਟ ਨੇ ਸਵਾਗਤੀ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ 9 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ ਮਕਾਨਾਂ ਦੀ ਅਲਾਟਮੈਂਟ ਨਾਲ ਹਜ਼ਾਰਾਂ ਪਰਿਵਾਰਾਂ ਦੇ ਜੀਵਨ ਵਿੱਚ ਨਵੀਂ ਉਮੀਦ ਪੈਦਾ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ 12 ਲੱਖ ਤੋਂ ਵੱਧ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਸਮਾਰਟ ਸਕੂਲਾਂ, ਆਂਗਣਵਾੜੀਆਂ ਅਤੇ ਸੀਨੀਅਰ ਸਿਟੀਜ਼ਨ ਪਾਰਕਾਂ ਨਾਲ ਸਬੰਧਤ ਪ੍ਰੋਜੈਕਟਾਂ ਦਾ ਉਦਘਾਟਨ ਜਾਂ ਨੀਂਹ ਪੱਥਰ ਰੱਖਿਆ ਗਿਆ ਹੈ। ਸਮਾਗਮ ਵਿੱਚ ਗਾਂਧੀਨਗਰ ਲੋਕ ਸਭਾ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ, ਅਹਿਮਦਾਬਾਦ ਨਗਰ ਨਿਗਮ ਦੀਆਂ ਕਮੇਟੀਆਂ ਦੇ ਅਹੁਦੇਦਾਰਾਂ, ਨਗਰ ਨਿਗਮ ਕਮਿਸ਼ਨਰ ਬੰਛਾਨਿਧੀ ਪਾਣੀ, ਕੌਂਸਲਰਾਂ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।






